ਮੋਦੀ ਤੇ ਅਮਿਤ ਸ਼ਾਹ ਖ਼ਿਲਾਫ਼ ਟਿੱਪਣੀ ਕਰਨ ’ਤੇ ਭਗਵੰਤ ਮਾਨ ਦੇ ਪੁਤਲੇ ਸਾੜੇ
ਮਹਿੰਦਰ ਸਿੰਘ ਰੱਤੀਆਂ/ਰਵਿੰਦਰ ਰਵੀ
ਮੋਗਾ/ਬਰਨਾਲਾ, 12 ਜੁਲਾਈ
ਇਥੇ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੂਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਆਗੂਆਂ ਨੇ ਵਿਧਾਨ ਸਭਾ ਵਿੱਚ ਨਰਿੰਦਰ ਮੋਦੀ ਦੀ ਵਿਦੇਸ਼ ਯਾਤਰਾ ਅਤੇ ਗੈਂਗਸਟਰਾਂ ਦੇ ਮੁੱਦੇ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਵਰਤੀ ਇਤਰਾਜ਼ਯੋਗ ਟਿੱਪਣੀ ਦੀ ਨਿਖ਼ੇਧੀ ਕਰਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ।
ਡਾ. ਗਰਗ, ਸੀਨੀਅਰ ਆਗੂ ਨਿਧੜਕ ਸਿੰਘ ਬਰਾੜ, ਸੀਨੀਅਰ ਆਗੂ ਮੁਖਤਿਆਰ ਸਿੰਘ ਤੇ ਹੋਰਨਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੱਦੀ ਭਾਸ਼ਾ ਤੋਂ ਰੋਕਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਸੱਤਾ ਹਾਸਲ ਕਰਨ ਤੋਂ ਬਾਅਦ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਰਤੇ ਗਏ ਅਪਸ਼ਬਦਾਂ ਲਈ ਮੁਆਫੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਭਾਜਪਾ ਪੰਜਾਬ ਸਰਕਾਰ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਗਵੰਤ ਮਾਨ ਹਰ ਰੋਜ਼ ਕਿਸੇ ਨਾ ਕਿਸੇ ਵਿਰੁੱਧ ਕਥਿਤ ਟਿੱਪਣੀਆਂ ਕਰਦੇ ਰਹਿੰਦੇ ਹਨ, ਉਸ ਨਾਲ ਪੰਜਾਬੀਆਂ ਦਾ ਸਤਿਕਾਰ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇਸ਼ਾਂ ਵਿੱਚ ਜਾ ਰਹੇ ਹਨ ਜਿੱਥੇ ਆਬਾਦੀ ਘੱਟ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਹਰ ਪਾਰਟੀ ਦੇ ਆਗੂਆਂ ਵਿਰੁੱਧ ਅਪਸ਼ਬਦਾਂ ਦੀ ਵਰਤੋਂ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਬੇਰੁਜ਼ਗਾਰੀ ਹੈ, ਕਾਰੋਬਾਰੀ ਅਤੇ ਦੁਕਾਨਦਾਰ ਪ੍ਰੇਸ਼ਾਨ ਹਨ, ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੈ ਅਤੇ ਗੈਂਗਸਟਰ ਕਾਰੋਬਾਰੀਆਂ, ਦੁਕਾਨਦਾਰਾਂ, ਉਦਯੋਗਪਤੀਆਂ ਅਤੇ ਡਾਕਟਰਾਂ ਨੂੰ ਬੁਲਾ ਕੇ ਪੈਸੇ ਵਸੂਲ ਰਹੇ ਹਨ ਅਤੇ ਪੈਸੇ ਨਾ ਦੇਣ ਵਾਲਿਆਂ ਨੂੰ ਦਿਨ-ਦਿਹਾੜੇ ਗੋਲੀ ਮਾਰੀ ਜਾ ਰਹੀ ਹੈ ਪਰ ਭਗਵੰਤ ਮਾਨ ਸਰਕਾਰ ਉਨ੍ਹਾਂ ਨੂੰ ਰੋਕਣ ਵਿੱਚ ਅਸਫ਼ਲ ਰਹੀ ਹੈ।
ਇਸੇ ਦੌਰਾਨ ਬਰਨਾਲਾ ਵਿਚ ਜ਼ਿਲ੍ਹਾ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਖ਼ਿਲਾਫ਼ ਵਰਤੀ ਸ਼ਬਦਾਬਲੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਕਚਹਿਰੀ ਚੌਕ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਭਾਜਪਾ ਆਗੂਆਂ ਨੇ ਮੁੱਖ ਮੰਤਰੀ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।