ਪੱਤਰ ਪ੍ਰੇਰਕ
ਮਾਨਸਾ, 11 ਅਗਸਤ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 22 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿੱਚ ਕੀਤੇ ਜਾ ਰਹੇ ਇਕੱਠ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਪਿੰਡਾਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਥੇਬੰਦੀ ਵੱਲੋਂ ਪਿੰਡ ਕੋਟਲੀ ਕਲਾਂ ਵਿਖੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਲਖਵੀਰ ਅਕਲੀਆ ਅਤੇ ਜ਼ਿਲਾ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਨੇ ਮੋਰਚੇ ਦੇ ਆਗੂਆਂ ਨਾਲ ਮੰਗਾਂ ਸੰਬੰਧੀ ਵਾਅਦਾ ਕੀਤਾ ਸੀ, ਸਰਕਾਰ ਉਸ ਵਾਅਦੇ ਤੋਂ ਭੱਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲਖੀਮਪੂਰ ਕਾਂਡ ਦਾ ਮੁਲਜ਼ਮ ਅਜੈ ਮਿਸ਼ਰਾ ਟੈਣੀ ਆਜ਼ਾਦ ਘੁੰਮ ਰਿਹਾ ਹੈ ਅਤੇ ਬੇਕਸੂਰ ਕਿਸਾਨਾਂ ਉੱਤੇ ਪਾਏ ਹੋਏ ਪਰਚੇ ਜਿਉਂ ਦੇ ਤਿਉਂ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਐਮਐਸਪੀ ਕਮੇਟੀ ਵਿੱਚੋਂ ਵੀ ਕਿਸਾਨੀ ਧਿਰਾਂ ਨੂੰ ਦਰਕਿਨਾਰ ਕੀਤਾ ਗਿਆ ਹੈ ਤੇ ਬਿਜਲੀ ਸੋਧ ਬਿੱਲ 2022 ਸਰਕਾਰ ਨੇ ਲਗਭਗ ਲਾਗੂ ਕਰਨਾ ਤੈਅ ਕਰ ਲਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ 22 ਅਗਸਤ ਨੂੰ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।