ਪੱਤਰ ਪ੍ਰੇਰਕ
ਮਾਨਸਾ, 16 ਅਕਤੂਬਰ
ਪਿੰਡ ਮੂਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਾਨਸਾ ਬਲਾਕ ਦੇ ਆਗੂਆਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ 14 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਚੋਣ ਦੌਰਾਨ ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਜੋਗਿੰਦਰ ਸਿੰਘ, ਖਜ਼ਾਨਚੀ ਜਰਨੈਲ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਬਾਬੂ ਸਿੰਘ, ਮੀਤ ਪ੍ਰਧਾਨ ਜਸਪਾਲ ਸਿੰਘ, ਸਕੱਤਰ ਤੀਰਥ ਸਿੰਘ ਤੇ ਪ੍ਰੈੱਸ ਸਕੱਤਰ ਬਲਵੀਰ ਸਿੰਘ ਚੁਣੇ ਗਏ ਹਨ। ਇਸ ਮੌਕੇ ਜੁੜੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਕੋਈ ਠੋਸ ਹੱਲ ਨਾ ਕਰਨਾ, ਪਿਛਲੇ ਸਾਲ ਦਾ ਗੁਲਾਬੀ ਸੁੰਡੀ ਦਾ ਮਜ਼ਦੂਰਾਂ ਨੂੰ ਮੁਆਵਜ਼ਾ, ਬੇਮੌਸਮੇ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ, ਲੰਪੀ ਸਕਿਨ ਬਿਮਾਰੀ ਨਾਲ ਮਰੀਆਂ ਦੁਧਾਰੂ ਗਊਆਂ ਦਾ ਮੁਆਵਜ਼ਾ ਲੈਣ ਅਤੇ ਮਾਈਨਿੰਗ ਦੇ ਨਾਮ ’ਤੇ ਕਿਸਾਨਾਂ ਸਿਰ ਝੂਠੇ ਪਰਚੇ ਦਰਜ ਕਰਨ ਸਬੰਧੀ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਅੱਗੇ ਲੱਗੇ ਪੱਕੇ ਮੋਰਚੇ ਵਿੱਚ ਕਿਸਾਨਾਂ-ਮਜਦੂਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਆਗੂ ਜਗਸੀਰ ਸਿੰਘ ਜਵਾਹਰਕੇ, ਭਾਨ ਸਿੰਘ ਵੀ ਹਾਜ਼ਰ ਸਨ।