ਭਾਕਿਯੂ ਉਗਰਾਹਾਂ ਵੱਲੋਂ ਵਿਧਾਨ ਸਭਾ ਅੱਗੇ ਧਰਨੇ ਦਾ ਐਲਾਨ

ਭਾਕਿਯੂ ਉਗਰਾਹਾਂ ਵੱਲੋਂ ਵਿਧਾਨ ਸਭਾ ਅੱਗੇ ਧਰਨੇ ਦਾ ਐਲਾਨ

ਭੋਤਨਾ ਵਿਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।

ਲਖਵੀਰ ਸਿੰਘ ਚੀਮਾ
ਟੱਲੇਵਾਲ, 17 ਅਕਤੂਬਰ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਭੋਤਨਾ ਵਿਚ ਦੋ ਦਿਨ ਸੂਬਾ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ 13 ਜ਼ਿਲ੍ਹਾ ਕਮੇਟੀਆਂ, ਬਲਾਕ ਕਮੇਟੀਆਂ ਦੇ ਅਹੁਦੇਦਾਰ ਅਤੇ ਨੌਜਵਾਨ ਸ਼ਾਮਲ ਹੋਏ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਜਥੇਬੰਦੀ ਵੱਲੋਂ ਵਿਧਾਨ ਸਭਾ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਕਰਜ਼ ਮੁਆਫ਼ੀ, ਘਰ ਘਰ ਨੌਕਰੀ ਅਤੇ ਹੋਰ ਵਾਅਦੇ ਯਾਦ ਕਰਵਾਏ ਜਾਣਗੇ। ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 2017 ਵਿਚ ਪਾਸ ਕੀਤਾ ਖੁੱਲ੍ਹੀ ਮੰਡੀ ਕਾਨੂੰਨ ਰੱਦ ਕਰਨ ਅਤੇ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਜੇ ਸਰਕਾਰ ਨੇ ਸੈਸ਼ਨ ਦੌਰਾਨ ਕਾਨੂੰਨ ਰੱਦ ਨਾ ਕੀਤੇ ਤਾਂ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਾਂਗਰਸੀ ਲੀਡਰਾਂ ਨੂੰ ਵੀ ਝੱਲਣਾ ਪਵੇਗਾ। 25 ਅਕਤੂਬਰ ਨੂੰ ਪੱਕੇ ਮੋਰਚਿਆਂ ਵਿੱਚ ਹਰ ਵਰਗ ਨੂੰ ਨਾਲ ਲੈ ਕੇ ਮੋਦੀ ਸਰਕਾਰ, ਕਾਰਪੋਰੇਟ ਘਰਾਣੇ ਅਤੇ ਸਰਮਾਏਦਾਰਾਂ ਦੇ ਪੁਤਲੇ ਫ਼ੂਕ ਕੇ ਦਸਹਿਰਾ ਮਨਾਇਆ ਜਾਵੇਗਾ।

ਆਗੂਆਂ ਨੇ ਕਿਹਾ ਕਿ ਆਪੋ ਆਪਣੀ ਸਮਝ ਅਤੇ ਸਮਰੱਥਾ ਮੁਤਾਬਕ ਇਸ ਮੁੱਦੇ ’ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਿਰੁੱਧ ਕਿਸੇ ਵੀ ਕਿਸਮ ਦਾ ਪ੍ਰਚਾਰ ਨਾ ਕੀਤਾ ਜਾਵੇ। ਇਸ ਮੌਕੇ ਸੂਬਾ ਅਗੂ ਝੰਡਾ ਸਿੰਘ ਜੇਠੂਕੇ, ਹਰਿੰਦਰ ਬਿੰਦੂ, ਰੂਪ ਸਿੰਘ ਛੰਨਾ, ਸ਼ਿੰਗਾਰਾ ਸਿੰਘ ਮਾਨ, ਚਮਕੌਰ ਸਿੰਘ ਨੈਣੇਵਾਲ, ਬੁੱਕਣ ਸਿੰਘ, ਕਮਲਜੀਤ ਕੌਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All