ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਭੱਲਾ ਵੱਲੋਂ ਪਿੰਡਾਂ ’ਚ ਮੀਟਿੰਗਾਂ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਜੁਲਾਈ
ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੁਆਰਡੀਨੇਟਰ ਜਤਿੰਦਰ ਭੱਲਾ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਅੱਧੀ ਦਰਜਨ ਪਿੰਡਾਂ ’ਚ ਹਲਕਾ ਕੋਆਰਡੀਨੇਟਰਾਂ, ਵਾਈਸ ਕੋਆਰਡੀਨੇਟਰਾਂ ਵੱਲੋਂ ਰੱਖੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕੀਤੀ। ਸ੍ਰੀ ਭੱਲਾ ਨੇ ਕਿਹਾ ਕਿ ਭਾਵੇਂ ਨਸ਼ਿਆਂ ਨੂੰ ਵੱਡੀ ਪੱਧਰ ’ਤੇ ਠੱਲ੍ਹ ਪਈ ਹੈ, ਪਰ ਫਿਰ ਵੀ ਨਸ਼ਿਆਂ ਖਿਲਾਫ਼ ਅਜੇ ਤਕੜੇ ਹੋ ਕੇ ਲੜਾਈ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਲੋਕਾਂ ਨੇ ਵੱਡਾ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਕੁਝ ਲਾਲਚੀ ਲੋਕ ਨਸ਼ਿਆਂ ਦੀ ਵਿਕਰੀ ਕਰਨ ਦੇ ਯਤਨ ਕਰ ਰਹੇ ਹਨ, ਪਰ ਪੁਲੀਸ ਉਨ੍ਹਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕ ਰਹੀ ਹੈ। ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੇਖੌਫ਼ ਹੋ ਕੇ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲੀਸ ਨੂੰ ਦੇਣ। ਉਨ੍ਹਾਂ ‘ਆਪ’ ਦੇ ਵਾਲੰਟੀਅਰਾਂ ਨੂੰ ਕਿਹਾ ਕਿ ਉਹ ਨਸ਼ਿਆਂ ਖਿਲਾਫ ਖੁੱਲ੍ਹ ਕੇ ਮੈਦਾਨ ਵਿੱਚ ਨਿੱਤਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਲਈ ਆਪ ਦਾ ਸਾਥ ਦੇਣ, ਤਾਂ ਜੋ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।