ਪੱਤਰ ਪ੍ਰੇਰਕ
ਸ਼ਹਿਣਾ, 2 ਜੁਲਾਈ
ਭਾਰਤ ਮਾਲਾ ਪ੍ਰਾਜੈਕਟ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਅੱਜ ਕਿਸਾਨਾਂ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿੱਚ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਕੌਡੀ ਦੇ ਭਾਅ ਆਪਣੀਆਂ ਜ਼ਮੀਨਾਂ ਨਾ ਦੇਣ ਦਾ ਐਲਾਨ ਕਰਦਿਆਂ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਜਥੇਬੰਦੀ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ, ਸੰਘਰਸ਼ ਕਮੇਟੀ ਦੇ ਪ੍ਰਧਾਨ ਭਗਤ ਸਿੰਘ, ਜਰਨੈਲ ਸਿੰਘ ਫੋਗੂ ਕਾ, ਤੇਜ਼ਾ ਸਿੰਘ ਨੰਬਰਦਾਰ, ਕਾਲਾ ਸਿੰਘ ਉਪਲ, ਹਰਦੀਪ ਸਿੰਘ, ਸੁਖਦੇਵ ਸਿੰਘ ਬਾਠ ਅਤੇ ਰਣਜੀਤ ਸਿੰਘ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਸੜਕ ਬਣਾਉਣ ਸਬੰਧੀ ਸਬੰਧਤ ਕੰਪਨੀ ਨੇ ਖੇਤਾਂ ਵਿੱਚ ਬੁਰਜੀਆਂ ਲਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਖ਼ਿਲਾਫ਼ 13 ਪਿੰਡਾਂ ਦੇ ਕਿਸਾਨਾਂ ਦੀ ਸੋਮਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿੱਚ ਮੀਟਿੰਗ ਸੱਦੀ ਗਈ ਹੈ। ਆਗੂਆਂ ਨੇ ਕਿਸਾਨਾਂ ਨੂੰ ਸੜਕ ਨਾਲ ਸਬੰਧ ਗਤੀਵਿਧੀਆਂ ’ਤੇ ਨਜ਼ਰ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਭਾਰਤ ਮਾਲਾ ਪ੍ਰਾਜੈਕਟ ਅਧੀਨ ਆਉਂਦੀ ਹੈ, ਉਨ੍ਹਾਂ ਨੂੰ ਸੰਘਰਸ਼ ਲਈ ਜਾਗਰੂਕ ਕੀਤਾ ਜਾਵੇਗਾ।