ਲੈਂਡ ਪੂਲਿੰਗ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਲਾਮਬੰਦੀ
ਇੱਥੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ ਹੋਈ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ, ਸੂਬਾ ਮੀਤ ਪ੍ਰਧਾਨ ਜਥੇਦਾਰ ਨੌਨਿਹਾਲ ਸਿੰਘ, ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਝਾਮਕਾ, ਸੂਬਾ ਮੀਤ ਪ੍ਰਧਾਨ ਸਿਕੰਦਰਪਾਲ ਸਿੰਘ ਆਦਿ ਆਗੂਆਂ ਨੇ ਕਿਹਾ ਕਿ 4 ਅਗਸਤ ਨੂੰ ਹੋਰ ਜਥੇਬੰਦੀਆਂ ਨਾਲ ਮਿਲ ਕੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਡੀਸੀ ਦਫ਼ਤਰਾਂ ਅੱਗੇ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 16 ਸ਼ਹਿਰਾਂ ਦੀ ਉਪਜਾਊ ਜ਼ਮੀਨ ਐਕੁਆਇਰ ਕਰ ਕੇ ਕਿਸਾਨਾਂ ਨੂੰ ਉਜਾੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਲਿਆ ਕਿ ਕਿਸਾਨਾਂ ਨੂੰ ਉਜਾੜਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਲਈ ਕਿਸਾਨਾਂ ਨੂੰ ਉਜਾੜਨ ਦੀ ਨੀਤੀ ਬਣਾਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਆਦਾਤਰ ਬੰਦੀ ਸਿੰਘ 30-30 ਸਾਲ ਤੋਂ ਵੱਧ ਸਮੇਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਕੇਂਦਰ ਸਰਕਾਰ ਸਿੱਖ ਕੌਮ ਨੂੰ ਪ੍ਰੇਸ਼ਾਨ ਕਰਨ ਲਈ ਜਾਣ-ਬੁੱਝ ਕੇ ਇਨ੍ਹਾਂ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ। ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 4 ਅਗਸਤ ਨੂੰ ਸਵੇਰੇ 10 ਵਜੇ ਡੀਸੀ ਦਫ਼ਤਰਾਂ ਅੱਗੇ ਪੁੱਜਣ। ਇਸ ਮੌਕੇ ਪਰਮਜੀਤ ਸਿੰਘ, ਬਲਜਿੰਦਰ ਸਿੰਘ ਖਾਲਸਾ, ਸੁਖਵੀਰ ਸਿੰਘ, ਜਸਪਾਲ ਸਿੰਘ ਬਲਾਕ ਪ੍ਰਧਾਨ ਪੱਟੀ ਤੇ ਸੁਖਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।