BJP: ਭਾਜਪਾ ਨੇ ਮੁੱਖ ਮੰਤਰੀ ਦੇ ਪੁਤਲੇ ਫੂਕੇ
ਭਾਜਪਾ ਨੇ ਅੱਜ ਮੌੜ ਮੰਡੀ ਵਿੱਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਪ੍ਰਦਰਸ਼ਨ ਕੀਤਾ। ਭਾਜਪਾ ਦੇ ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਭਾਜਪਾ ਨੇ ਅੱਜ ਮੌੜ ਮੰਡੀ ਵਿੱਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਪ੍ਰਦਰਸ਼ਨ ਕੀਤਾ। ਭਾਜਪਾ ਦੇ ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ। ਸ੍ਰੀ ਮਲੂਕਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੂਬੇ ਵਿੱਚ ਕਥਿਤ ਤੌਰ ’ਤੇ ਲੁੱਟ ਮਚਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿੱਜੀ ਸਟਾਫ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਭ੍ਰਿਸ਼ਟਾਚਾਰ ਕੀਤੇ ਜਾਣ ਦੇ ਦੋਸ਼ ਲੱਗ ਰਹੇ ਹਨ। ‘ਆਪ’ ਵੱਲੋਂ ਭਾਜਪਾ ’ਤੇ ਪੰਜਾਬ ਵਿੱਚ ਸੀ ਬੀ ਆਈ ਭੇਜਣ ਦੇ ਦੋਸ਼ ਲਾਏ ਜਾ ਰਹੇ ਹਨ ਜਦੋਂਕਿ ਸੀ ਬੀ ਆਈ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਜਾਂਚ ਵਿੱਚ ਦਖ਼ਲ ਦਿੱਤਾ ਹੈ। ਇਸ ਮੌਕੇ ਨਵਜੋਤ ਗੁਣੀ, ਸੁਖਵਿੰਦਰ ਗੁਣੀ, ਬੂਟਾ ਭਾਈਰੂਪਾ, ਜਸਪ੍ਰੀਤ ਜੱਸਾ, ਹਰਵੰਤ ਸਿੰਘ ਗੁੰਮਟੀ ਕਲਾਂ ਆਦਿ ਮੌਜੂਦ ਸਨ।
ਬਰਨਾਲਾ (ਰਵਿੰਦਰ ਰਵੀ): ਇੱਥੇ ਅਗਰਸੈਨ ਚੌਂਕ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਤੇ ਕਾਰਕੁਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਰੋਸ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸੀ ਬੀ ਆਈ ਅਤੇ ਈ ਡੀ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਲਈ ‘ਆਪ’ ਵੱਲੋਂ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ‘ਆਪ’ ਇਮਾਨਦਾਰ ਹੈ ਤਾਂ ਜਾਂਚ ਦਾ ਸਾਹਮਣਾ ਕਰੇ।

