ਪ੍ਰਭੂ ਦਿਆਲ
ਸਿਰਸਾ, 9 ਜਨਵਰੀ
ਜਮਹੂਰੀ ਅਧਿਅਕਾਰ ਸਭਾ ਦੇ ਆਗੂ ਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੇ ਅੱਜ ਬਰਨਾਲਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਕਰਵਾਈ ਕਨਵੈਨਸ਼ਨ ਨੂੰ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਾਇਆ ਹੋਇਆ ਹੈ।
ਪ੍ਰੋ. ਜਗਮੋਹਨ ਨੇ ਕਿਹਾ ਕਿ ਭਾਜਪਾ ਸਰਕਾਰ ਅੰਗਰੇਜ਼ਾਂ ਦੇ ਜ਼ਮਾਨੇ ਦੇ ਕੰਪਨੀਰਾਜ ਨੂੰ ਭਾਰਤ ਵਿੱਚ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ’ਚ ਪੈਦਾ ਹੋਏ ਹਾਲਾਤ ਅੰਗਰੇਜ਼ਾਂ ਦੇ ਰਾਜ ਦੀ ਯਾਦ ਨੂੰ ਤਾਜ਼ਾ ਕਰਨ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਜਵਾਨਾਂ ਨੇ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਨੂੰ ਗ਼ੁਲਾਮੀ ਦੀਆਂ ਜੰਜੀਰਾਂ ਤੋਂ ਮੁਕਤੀ ਦਿਵਾਈ ਸੀ ਪਰ ਮੌਜੂਦਾ ਸਰਕਾਰ ਫਿਰ ਤੋਂ ਦੇਸ਼ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਨ ਨਾਲ ਆਮ ਸੁਵਿਧਾਵਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੀਆਂ, ਜਿਸ ਕਰ ਕੇ ਲੋਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਪਹਿਲਾਂ ਬੋਲਦਿਆਂ ਕਿਸਾਨ ਆਗੂ ਸਵਰਨ ਸਿੰਘ ਵਿਰਕ ਨੇ ਕਿਹਾ ਕਿ ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਚੱਲ ਰਹੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ। ਇਸੇ ਕਰ ਕੇ ਹੁਣ ਤੱਕ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਹੋਈਆਂ ਸਾਰੀਆਂ ਮੀਟਿੰਗਾਂ ਬੇਸਿਟਾ ਰਹੀਆਂ ਹਨ।