ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਜੁਲਾਈ
ਭਾਰਤੀ ਕਿਮਿਊਨਿਸਟ ਪਾਰਟੀ ਦੇ ਸੂਬਾਈ ਕੌਂਸਲ ਦੇ ਮੈਂਬਰ ਕਾਮਰੇਡ ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ। ਹਰ ਵਰਗ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਦੁੱਖੀ ਹਨ। ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਵਿਰੁੱਧ ਆਗਾਮੀ 9 ਜੁਲਾਈ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ’ਚ ਕਿਸਾਨ, ਮਜ਼ਦੂਰ, ਕਰਮਚਾਰੀ ਤੇ ਹੋਰ ਲੋਕ ਵੱਡੀ ਗਿਣਤੀ ’ਚ ਹਿੱਸਾ ਲੈਣਗੇ। ਹੜਤਾਲ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ, ਨੌਜਵਾਨਾਂ ਤੇ ਵਿਦਿਆਰਥੀਆਂ ਵੱਲੋਂ ਲਾਮਬੰਦੀ ਕੀਤੀ ਗਈ ਹੈ। ਉਹ ਅੱਜ ਰਾਣੀਆਂ ਸਥਿਤ ਬਾਬਾ ਬੰਤਾ ਸਿੰਘ ਭਵਨ ’ਚ ਸੀਪੀਆਈ ਦੀ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਦੀ ਪ੍ਰਧਾਨਗੀ ਰਣਜੀਤ ਸਿੰਘ ਦਮਦਮਾ ਨੇ ਕੀਤੀ।
ਵਿਰਕ ਨੇ ਕਿਹਾ ਕਿ ਮਜ਼ਦੂਰਾਂ ਨੇ ਜਿਸ ਲੰਮੇ ਸੰਘਰਸ਼ ਮਗਰੋਂ ਕੰਮ ਦੇ ਅੱਠ ਘੰਟੇ ਲਾਗੂ ਕਰਵਾਇਆ ਸੀ, ਇਹ ਸਾਰਕਾਰ ਉਸ ਨੂੰ ਬਦਲ ਕੇ 12 ਘੰਟੇ ਕਰਨ ਦੀ ਕੋਝੀ ਕੋਸ਼ਿਸ਼ ਕਰ ਰਹੀ ਹੈ। ਮਜ਼ਦੂਰਾਂ ਨਾਲ ਸਬੰਧਤ ਕਿਰਤ ਕਾਨੂੰਨਾਂ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ’ਚੋਂ ਇਕ ਨੂੰ ਵੀ ਪੂਰਾ ਨਹੀਂ ਕੀਤਾ ਗਿਆ ਹੈ।