ਪੰਜਾਬ ਦੇ ਵਿਕਾਸ ਲਈ ਭਾਜਪਾ ਜ਼ਰੂਰੀ: ਮਨਪ੍ਰੀਤ ਬਾਦਲ
ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ਮਨੀਆਵਾਲਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਆਗਾਮੀ ਸਾਲ 2027 ਵਿੱਚ ਪੰਜਾਬ ਅੰਦਰ ਭਾਜਪਾ ਸਰਕਾਰ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਸਖ਼ਤ ਮਿਹਨਤ ਕਰਨ ਲਈ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੰਜਾਬ ’ਚ ਭਾਜਪਾ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਤਰੱਕੀ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਭਾਜਪਾ ਦੀ ਪੰਜਾਬ ਵਿੱਚ ਸਰਕਾਰ ਬਣਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਸਰਕਾਰ ਦਾ ਇਕੋ ਹੀ ਟੀਚਾ ਹੈ ਕਿ ਦੇਸ਼ ਵਿੱਚੋ ਬੇਰੁਜਗਾਰੀ, ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਜਸਕਰਨ ਸਿੰਘ ਮਨੀਆ ਵਾਲਾ, ਬਾਬੂ ਸਿੰਘ ਸਾਬਕਾ ਸਰਪੰਚ, ਹਰਬੰਸ ਸਿੰਘ ਸੱਗੂ ਦਫ਼ਤਰ ਇੰਚਾਰਜ, ਹਰਜੀਤ ਸਿੰਘ ਨੀਲਾ ਮਾਨ, ਰਣਜੀਤ ਸਿੰਘ ਗੁਰੂਸਰ, ਪੱਪੀ ਚਹਿਲ, ਰੁਪਿੰਦਰ ਸਮਾਘ , ਓਮ ਪ੍ਰਕਾਸ਼ ਬਾਂਕਾ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ।