ਪੱਤਰ ਪ੍ਰੇਰਕ
ਅਬੋਹਰ, 18 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸਥਾਨਕ ਵਿਧਾਇਕ ਸੰਦੀਪ ਜਾਖੜ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜਾਖੜ ਪਿੰਡ ਸੱਪਾਂਵਾਲੀ ਪੁੱਜੇ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਜਨ ਸਭਾਵਾਂ ਰਾਹੀਂ ਮੋਦੀ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਵਿਸ਼ਵ ਦੇ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਵਿੱਚ ਵੱਡੀ ਤਬਦੀਲੀ ਆਈ ਹੈ। ਇਹ ਮੋਦੀ ਸਰਕਾਰ ਦੀ ਮਜ਼ਬੂਤ ਵਿਦੇਸ਼ ਨੀਤੀ ਦਾ ਹੀ ਨਤੀਜਾ ਹੈ ਕਿ ਦੁਨੀਆ ਦੇ ਕਈ ਦੇਸ਼ ਕਈ ਖੇਤਰਾਂ ਵਿੱਚ ਭਾਰਤ ਦੀ ਅਗਵਾਈ ਨੂੰ ਸਵੀਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈ ਪੱਖਪਾਤੀ ਨੀਤੀ ਕਾਰਨ ਕੇਂਦਰ ਵੱਲੋਂ ਪੰਜਾਬ ਵਿੱਚ ਕਈ ਸਕੀਮਾਂ ਲਾਗੂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਅੱਜ ਵੀ ਬਹੁਤ ਸਾਰੇ ਲੋੜਵੰਦ ਲੋਕ ਇਨ੍ਹਾਂ ਸਕੀਮਾਂ ਤੋਂ ਵਾਂਝੇ ਹਨ। ਇਸ ਲਈ ਉਨ੍ਹਾਂ ਆਉਣ ਵਾਲੀਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ।