ਸਾਡੀ ਗਲੀ ਭੁੱਲ ਕੇ ਵੀ ਨਾ ਆਇਓ

ਭਾਜਪਾ ਆਗੂਆਂ ਦੇ ਪਿੰਡਾਂ ਵਿਚ ਦਾਖਲ ਹੋਣ ’ਤੇ ਪਾਬੰਦੀ

ਭਾਜਪਾ ਆਗੂਆਂ ਦੇ ਪਿੰਡਾਂ ਵਿਚ ਦਾਖਲ ਹੋਣ ’ਤੇ ਪਾਬੰਦੀ

ਦੀਪ ਸਿੰਘ ਵਾਲਾ ਦੇ ਬਾਹਰ ਲਾਇਆ ਚਿਤਾਵਨੀ ਬੋਰਡ।

ਜਸਵੰਤ ਜੱਸ/ਗੁਰਪ੍ਰੀਤ ਸਿੰਘ

ਫ਼ਰੀਦਕੋਟ/ਸਾਦਿਕ, 28 ਸਤੰਬਰ

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਬਿੱਲਾਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਪਿੰਡਾਂ ਦੇ ਲੋਕਾਂ ਨੇ ਭਾਜਪਾ ਨਾਲੋਂ ਦੂਰੀ ਬਣਾ ਲਈ ਹੈ। ਸ਼ਹਿਰ ਦੇ ਕੁਝ ਮੁਹੱਲਿਆਂ ਵਿਚ ਅਤੇ ਪਿੰਡਾਂ ਦੀਆਂ ਫਿਰਨੀਆਂ ‘ਤੇ ਭਾਜਪਾ ਆਗੂਆਂ ਨੂੰ ਚਿਤਾਵਨੀ ਦਿੰਦੇ ਬੋਰਡ ਲਾਏ ਗਏ ਹਨ, ਜਿਨ੍ਹਾਂ ਵਿਚ ਭਾਜਪਾ ਆਗੂਆਂ ਨੂੰ ਪਿੰਡਾਂ ਵਿਚ ਦਾਖ਼ਲ ਨਾ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਬੋਰਡਾਂ ’ਤੇ ਲਿਖਿਆ ਗਿਆ ਹੈ ਕਿ ਕਿਸਾਨ ਮਾਰੂ ਖੇਤੀ ਕਾਨੂੰਨ ਬਣਾਉਣ ਵਾਲੇ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਆਗੂਆਂਂ ਦੀ ਪਿੰਡ ਵਿੱਚ ਆਉਣ ਦੀ ਪਾਬੰਦੀ ਹੈ। ਜੇਕਰ ਕੋਈ ਆਉਂਦਾ ਵੀ ਹੈ ਤਾਂ ਸਿੱਟਿਆਂ ਲਈ ਖ਼ੁਦ ਜ਼ਿੰਮੇਵਾਰ ਹੋਵੇਗਾ । ਇਸ ਮੌਕੇ ਲੋਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਵੀ ਕੀਤਾ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਦੀਪ ਸਿੰਘ ਵਾਲਾ ਵਿਚ ਭਾਜਪਾ ਆਗੂਆਂ ਦੇ ਦਾਖ਼ਲ ਹੋਣ ‘ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਕੋਈ ਭਾਜਪਾ ਆਗੂ ਆਇਆ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਪਿੰਡ ਦੇ ਬਾਹਰ ਚਿਤਾਵਨੀ ਬੋਰਡ ਵੀ ਲਾਇਆ ਗਿਆ। ਇਸੇ ਤਰ੍ਹਾਂ ਭਾਨ ਸਿੰਘ ਕਲੋਨੀ ਦੇ ਦੋ ਵਾਰਡਾਂ ਵਿਚ ਵੀ ਖੇਤੀ ਬਿੱਲਾਂ ਦਾ ਸਮਰਥਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਲੋਨੀ ਵਿਚ ਨਾ ਆਉਣ ਦੀ ਚਿਤਾਵਨੀ ਦਿੱਤੀ ਗਈ ਹੈ।

ਕਿਸਾਨ ਆਗੂ ਅੰਗਰੇਜ਼ ਸਿੰਘ, ਚਰਨਜੀਤ ਸਿੰਘ, ਨੌਨਿਹਾਲ ਸਿੰਘ, ਜੰਗੀਰ ਸਿੰਘ ਅਤੇ ਕੇਸ਼ਵ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕੇਂਦਰ ਵੱਲੋਂ ਪਾਸ ਖੇਤੀ ਬਿੱਲਾਂ ਨੂੰ ਮਨਜ਼ੂਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਹ ਬਿੱਲ ਪਾਸ ਕਰਨ ਨਾਲ ਪੰਜਾਬ ਵਿਚੋਂ ਭਾਜਪਾ ਦੀ ਸਿਆਸੀ ਜ਼ਮੀਨ ਖਤਮ ਹੋ ਗਈ ਹੈ। ਜਥੇਬੰਦੀ ਦੇ ਬਲਾਕ ਸਕੱਤਰ ਜਗੀਰ ਸਿੰਘ ਖਾਲਸਾ ਤੇ ਇਕਾਈ ਪ੍ਰਧਾਨ ਗੁਰਜੀਤ ਸਿੰਘ ਨੇ ਆਖਿਆ ਕਿ ਭਾਜਪਾ ਸਰਕਾਰ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਲੋਕ ਭਾਜਪਾ ਨੂੰ ਖਤਮ ਕਰ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All