ਭਾਜਪਾ ਦੀ ਸੂਬਾਈ ਉਪ ਪ੍ਰਧਾਨ ਮੋਨਾ ਜੈਸਵਾਲ ਨੇ ਅੱਜ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਬਾਦਲ ਅਤੇ ਸੂਬਾਈ ਜਨਰਲ ਸਕੱਤਰ ਦਿਆਲ ਸੋਢੀ ਨਾਲ ਮੀਂਹ ਤੇ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਪਿੰਡ ਅਟੂਵਾਲਾ, ਸੰਤੋਖ ਸਿੰਘ ਵਾਲਾ, ਢਾਣੀ ਨੱਥਾ ਸਿੰਘ ਅਤੇ ਢਾਣੀ ਫੂਲਾ ਸਿੰਘ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਮੋਨਾ ਜੈਸਵਾਲ ਨੇ ਕਿਹਾ ਕਿ ਖੇਤਾਂ ਵਿੱਚ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਆਉਣ ਵਾਲੇ ਸੀਜ਼ਨ ਵਿੱਚ ਵੀ ਕੋਈ ਫ਼ਸਲ ਨਾ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਕਿਸਾਨਾਂ ’ਤੇ ਆਰਥਿਕ ਬੋਝ ਵਧੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋਣ ਕਾਰਨ ਘਰੇਲੂ ਸਾਮਾਨ ਨੂੰ ਨੁਕਸਾਨ ਪੁੱਜਿਆ ਹੈ ਅਤੇ ਪਸ਼ੂਧਨ ਵੀ ਗੰਭੀਰ ਖ਼ਤਰੇ ਵਿੱਚ ਹੈ। ਭਾਜਪਾ ਆਗੂਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਆਫ਼ਤ ਰਾਹਤ ਫੰਡ ਵਿੱਚੋਂ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਵਿੱਤੀ ਮਦਦ, ਰਾਸ਼ਨ ਅਤੇ ਦਵਾਈਆਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਮੈਡੀਕਲ ਕੈਂਪ, ਸਾਫ਼ ਪੀਣ ਵਾਲਾ ਪਾਣੀ ਅਤੇ ਦਵਾਈਆਂ ਦਾ ਢੁਕਵਾਂ ਸਟਾਕ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਆਵਾਜ਼ ਰਾਜ ਅਤੇ ਕੇਂਦਰ ਸਰਕਾਰ ਤੱਕ ਜ਼ੋਰਦਾਰ ਢੰਗ ਨਾਲ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਸਰਕਾਰ ਰਾਜਨੀਤੀ ਛੱਡ ਕੇ ਪੀੜਤਾਂ ਦੀ ਮਦਦ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ।
+
Advertisement
Advertisement
Advertisement
Advertisement
×