ਅੰਬੇਡਕਰ ਦੇ ਬੁੱਤ ਤੋੜਨ ਖ਼ਿਲਾਫ਼ ਭਾਜਪਾ ਵੱਲੋਂ ਮੁਕਤਸਰ ਦੇ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ
ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 5 ਜੂਨ
ਪੰਜਾਬ ’ਚ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀਆਂ ਬੇਅਦਬੀਆਂ ’ਤੇ ਭਾਜਪਾ ਨੇ ਚਿੰਤਾ ਪ੍ਰਗਟ ਕਰਦਿਆਂ ਅੱਜ ਮੰਡਲ ਪ੍ਰਧਾਨ ਰਾਜਿੰਦਰ ਕੁਮਾਰ, ਪੂਜਾ ਕੱਕੜ ਅਤੇ ਹਰੀਸ਼ ਦੀ ਅਗਵਾਈ ’ਚ ਮੁਕਤਸਰ ਡੀਸੀ ਦਫ਼ਤਰ ਮੂਹਰੇ ਧਰਨਾ ਦਿੱਤਾ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ। ਆਗੂਆਂ ਨੇ ਦੱਸਿਆ ਕਿ ਪਹਿਲਾਂ ਅੰਮ੍ਰਿਤਸਰ ’ਚ ਇੱਕ ਵਿਅਕਤੀ ਵੱਲੋਂ ਬਾਬਾ ਸਾਹਿਬ ਦੀ ਸਮਾਰਕ ਦੀ ਬੇਅਦਬੀ ਕੀਤੀ ਗਈ ਅਤੇ ਬਾਅਦ ਨੰਗਲ ਵਿੱਚ ਡਾ. ਅੰਬੇਡਕਰ ਦੇ ਸਮਾਰਕ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੰਵਿਧਾਨ ਨਿਰਮਾਤਾ ਦੇ ਬੁੱਤ ਦੀਆਂ ਬੇਅਦਬੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਆਖਿਆ ਕਿ ਸਰਕਾਰ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ’ਚ ਅਸਫ਼ਲ ਰਹੀ ਹੈ, ਜਿਸ ਕਾਰਨ ਸ਼ਰਾਰਤੀ ਅਨਸਰਾਂ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਤੋਂ ਪੰਜਾਬ ਦੀ ਵਾਂਗ ਡੋਰ ਨਹੀਂ ਸੰਭਾਲੀ ਜਾਂਦੀ ਤਾਂ ਉਹ ਇਹ ਕੁਰਸੀ ਛੱਡ ਦੇਣ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਤੇ ਸੀਨੀਅਰ ਬੀਜੇਪੀ ਆਗੂ ਮਿੰਕਲ ਬਜਾਜ ਨੇ ਪੰਜਾਬ ਦੇ ਲਾਅ ਐਂਡ ਆਰਡਰ ਦੀ ਸਥਿਤੀ ’ਤੇ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਤੇ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ, ਪਰ ਭਾਰਤੀ ਜਨਤਾ ਪਾਰਟੀ ਇਨ੍ਹਾਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਰਵਿੰਦਰ ਕਟਾਰੀਆ, ਐਡਵੋਕੇਟ ਅਨੁਰਾਗ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।