ਬੀਕੇਯੂ ਕ੍ਰਾਂਤੀਕਾਰੀ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਲਾਮਬੰਦੀ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਪਿੰਡ ਲਹਿਰਾ ਰੋਹੀ ਵਿੱਚ ਹੋਈ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ 30 ਜੁਲਾਈ ਨੂੰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਟਰੈਕਟਰ ਮਾਰਚ ਦੀ ਵਿਉਂਤਬੰਦੀ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਕਿਸਾਨੀ ਲਈ ਜਿੱਥੇ ਵਿਨਾਸ਼ਕਾਰੀ ਹੈ, ਉਥੇ ਮਜ਼ਦੂਰਾਂ, ਦੁਕਾਨਦਾਰਾਂ ਅਤੇ ਹੋਰ ਵਰਗਾਂ ਦਾ ਵੀ ਉਜਾੜਾ ਕਰੇਗੀ। ਸਰਕਾਰ ਪਹਿਲੇ ਪੜਾਅ ’ਚ ਪੰਜਾਬ ਦੇ ਪਿੰਡਾਂ ਦੀ ਹਜ਼ਾਰਾਂ ਏਕੜ ਜ਼ਰਖੇਜ਼ ਜ਼ਮੀਨ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ। ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਕਿਸਾਨ ਦੇ ਖੇਤੀ ਧੰਦੇ ਤੋਂ ਬਾਹਰ ਹੋਣ ਨਾਲ ਖਾਦ ਪਦਾਰਥਾਂ ਦੀ ਮਹਿੰਗਾਈ ਕਾਰਨ ਭੁੱਖਮਰੀ ਫੈਲਣ ਦਾ ਖ਼ਤਰਾ ਵੀ ਬਣ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਜ਼ਮੀਨਾਂ ਦੀ ਰਾਖੀ ਲਈ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਦਾ ਅਹਿਦ
ਲਿਆ। ਉਨ੍ਹਾਂ ਕਿਹਾ ਕਿ ਇਹ ਨੋਟਿਸ ਕਿਸਾਨਾਂ ਦੀ ਸਲਾਹ ਲਏ ਬਿਨਾਂ ਜਾਰੀ ਹੋ ਰਹੇ ਹਨ। ਇਸ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ 30 ਜੁਲਾਈ ਨੂੰ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਮਾਲਬਰੋਜ਼ ਸ਼ਰਾਬ ਫੈਕਟਰੀ ਸਾਂਝਾ ਮੋਰਚਾ ਜ਼ੀਰਾ ਤੋਂ ਸਵੇਰੇ 10 ਵਜੇ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਜ਼ੀਰਾ ਵਿੱਚ ਸਮਾਪਤ ਹੋਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫ਼ਰੀਦੇ ਵਾਲਾ, ਬਲਰਾਜ ਸਿੰਘ ਫੇਰੋਕੇ, ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ, ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮਖੂ, ਸੁਖਵਿੰਦਰ ਸਿੰਘ ਅਲੀਪੁਰ, ਬੂਟਾ ਸਿੰਘ ਲਹਿਰਾ, ਜੁਗਰਾਜ ਸਿੰਘ ਫੇਰੋਕੇ ਆਦਿ ਹਾਜ਼ਰ ਸਨ।