BKU Sidhupur: ਫ਼ਰੀਦਕੋਟ ਜਾਂਦੇ ਕਿਸਾਨ ਪੁਲੀਸ ਨੇ ਮੰਡੀ ਕਲਾਂ ’ਚ ਰੋਕੇ
ਬੀ ਕੇ ਯੂ (ਸਿੱਧੂਪੁਰ) ਦੀ ਫ਼ਰੀਦਕੋਟ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨੂੰ ਪੁਲੀਸ ਨੇ ਮੰਡੀ ਕਲਾਂ ਡਰੇਨ ਉੱਤੇ ਰੋਕ ਦਿੱਤਾ। ਸਰਕਾਰ ਅਤੇ ਪ੍ਰਸ਼ਾਸਨ ਦੇ ਇਸ ਰਵੱਈਏ ਤੋਂ ਨਾਰਾਜ਼ ਕਿਸਾਨਾਂ ਨੇ ਅੱਗੇ ਵਧਣ ਦੀ ਬਜਾਇ ਸੜਕ ਉੱਤੇ ਹੀ ਧਰਨਾ...
ਬੀ ਕੇ ਯੂ (ਸਿੱਧੂਪੁਰ) ਦੀ ਫ਼ਰੀਦਕੋਟ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨੂੰ ਪੁਲੀਸ ਨੇ ਮੰਡੀ ਕਲਾਂ ਡਰੇਨ ਉੱਤੇ ਰੋਕ ਦਿੱਤਾ। ਸਰਕਾਰ ਅਤੇ ਪ੍ਰਸ਼ਾਸਨ ਦੇ ਇਸ ਰਵੱਈਏ ਤੋਂ ਨਾਰਾਜ਼ ਕਿਸਾਨਾਂ ਨੇ ਅੱਗੇ ਵਧਣ ਦੀ ਬਜਾਇ ਸੜਕ ਉੱਤੇ ਹੀ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਜਾ ਰਹੇ ਸਨ, ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਸੜਕ ਉੱਪਰ ਧਰਨੇ ’ਤੇ ਬੈਠੇ ਕਿਸਾਨ ਆਗੂਆਂ ਨੇ ਭਰੇ ਮਨ ਅਤੇ ਰੋਸ ਨਾਲ ਕਿਹਾ ਕਿ ਚੋਣਾਂ ਵੇਲੇ ਸੱਤਾਧਾਰੀ ‘ਆਪ’ ਨੇ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਸਥਿਤੀ ਇਹ ਬਣ ਚੁੱਕੀ ਹੈ ਕਿ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਇਕੱਠੇ ਵੀ ਹੋਣ ਨਹੀਂ ਦਿੰਦੀ। ਕਿਸਾਨਾਂ ਮੁਤਾਬਕ ਸਰਕਾਰਾਂ ਵੋਟਾਂ ਲੈ ਕੇ ਆਪਣੇ ਸਾਰੇ ਵਾਅਦੇ ਭੁੱਲ ਜਾਂਦੀਆਂ ਹਨ ਅਤੇ ਜਦੋਂ ਕਿਸਾਨ ਆਪਣੇ ਹੱਕ ਮੰਗਣ ਲਈ ਸੜਕਾਂ ‘ਤੇ ਆਉਂਦੇ ਹਨ ਤਾਂ ਉਨ੍ਹਾਂ ’ਤੇ ਪਾਬੰਦੀਆਂ ਲਾ ਦਿੱਤੀਆਂ ਜਾਂਦੀਆਂ ਹਨ।
ਮੰਡੀ ਕਲਾਂ ਡਰੇਨ ’ਤੇ ਇਕੱਠੇ ਹੋਏ ਸੈਂਕੜੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਾਫ਼ ਕਰ ਦਿੱਤਾ ਹੈ ਕਿ ਜਿੰਨਾ ਚਿਰ ਉਨ੍ਹਾਂ ਨੂੰ ਫ਼ਰੀਦਕੋਟ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ, ਉਨਾ ਚਿਰ ਉਹ ਇਸੇ ਤਰ੍ਹਾਂ ਸੜਕ ’ਤੇ ਡਟੇ ਰਹਿਣਗੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਪ੍ਰਸ਼ਾਸਨ ਨੇ ਜਲਦ ਹੀ ਰਾਹ ਸਾਫ਼ ਨਾ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਖ਼ਬਰ ਲਿਖੇ ਜਾਣ ਤੱਕ ਕਿਸਾਨ ਸੜਕ ’ਤੇ ਡਟੇ ਹੋਏ ਸਨ। ਪ੍ਰਸ਼ਾਸਨਿਕ ਅਧਿਕਾਰੀ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੇ ਹਨ।

