ਜਸਵੰਤ ਸਿੰਘ ਥਿੰਦ
ਮਮਦੋਟ, 1 ਅਕਤੂਬਰ
ਭਾਰਤ-ਪਾਕਿ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਸੁਰੱਖਿਆ ਅਮਲੇ ਵੱਲੋਂ ਕੀਤੀ ਜਾਂਦੀ ਚੈਕਿੰਗ ਕਿਸਾਨਾਂ ਦੀ ਦਰਦ ਭਰੀ ਜ਼ਿੰਦਗੀ ਦੀ ਕਹਾਣੀ ਪੇਸ਼ ਕਰਦੀ ਹੈ। ਪੰਜਾਬ ਵਿੱਚ ਅਤਿਵਾਦ ਸਮੇਂ ਭਾਰਤ ਸਰਕਾਰ ਨੇ ਕੌਮਾਂਤਰੀ ਹੱਦ ’ਤੇ ਕੰਡਿਅਲੀ ਤਾਰ ਲਾ ਦਿੱਤੀ ਸੀ, ਜਿਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ ਉਸ ਤਾਰ ਤੋਂ ਪਾਰ ਰਹਿ ਗਈ। ਹੁਣ ਕਿਸਾਨਾਂ ਨੂੰ ਆਪਣੇ ਖੇਤ ਤੱਕ ਪੁੱਜਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਫਾਰੂਵਾਲਾ, ਗਜ਼ਨੀਵਾਲਾ, ਗੱਟੀ ਤੇ ਮੱਤੜ ਦੇ ਸੈਂਕੜੇ ਕਿਸਾਨਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੋਣ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਖੇਤੀ ਕਰਨ ਲਈ ਆਪਣੇ ਪਰਿਵਾਰ ਸਮੇਤ ਜਾਣਾ ਪੈਂਦਾ ਹੈ। ਉਧਰ ਸੁਰੱਖਿਆ ਫੋਰਸਾਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਕਿਸਾਨਾਂ ਦੀ ਚੈਕਿੰਗ ਇਥੋਂ ਤਕ ਕਿ ਕਿਸਾਨਾਂ ਵੱਲੋਂ ਜੋ ਖਾਣਾ ਆਪਣੇ ਨਾਲ ਲਿਜਾਇਆ ਜਾਂਦਾ ਹੈ ਉਸ ਦੀ ਇੱਕ-ਇੱਕ ਰੋਟੀ ਦੀ ਚੈਕਿੰਗ ਕੀਤੀ ਜਾਂਦੀ ਹੈ, ਜੋ ਕਿਸਾਨਾਂ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚ ਜਕੜੇ ਹੋਣ ਦਾ ਅਹਿਸਾਸ ਕਰਵਾਉਂਦੀ ਹੈ।
ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕੁਝ ਕਿਸਾਨਾਂ ਦਾ ਹਾਲ ਜਾਨਣ ਲਈ ਇਸ ਪ੍ਰਤੀਨਿਧ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ। ਕਿਸਾਨਾਂ ਨੇ ਦੱਸਿਆ ਕਿ ਕਈ ਦਹਾਕਿਆਂ ਤੋਂ ਉਨ੍ਹਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਗੁਲਾਮੀ ਵਾਲੀ ਜ਼ਿੰਦਗੀ ਮਹਿਸੂਸ ਹੁੰਦੀ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬੀਐੱਸਐੱਫ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਫੌਰੀ ਹੱਲ ਕੀਤਾ ਜਾਵੇ। ਬਾਰਡਰ ਪੱਟੀ ਦੇ ਕਿਸਾਨਾਂ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਤੋਂ ਇਹ ਉਮੀਦ ਜ਼ਾਹਿਰ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਭੇਜ ਕੇ ਮਮਦੋਟ ਨੇੜਲੇ ਪਿੰਡਾਂ ਦੇ ਕਿਸਾਨਾਂ ਨੂੰ ਬੀਐੱਸਐੱਫ ਵੱਲੋਂ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਹੱਲ ਕਰਾਉਣ ਲਈ ਫੌਰੀ ਤੌਰ ’ਤੇ ਕਦਮ ਚੁੱਕਣਗੇ
ਕੈਪਸ਼ਨ: ਮਮਦੋਟ ਨੇੜੇ ਭਾਰਤ-ਪਾਕਿ ਅੰਤਰਰਾਸ਼ਟਰੀ ਸੀਮਾ ’ਤੇ ਲੱਗਾ ਗੇਟ, ਜਿਥੋਂ ਕਿਸਾਨ ਅੱਗੇ ਜਾਂਦੇ ਹਨ।