ਪੱਤਰ ਪ੍ਰੇਰਕ
ਬਠਿੰਡਾ, 16 ਅਗਸਤ
ਦੇਸ਼ ਦਾ 75 ਵਾਂ ਆਜ਼ਾਦੀ ਦਿਹਾੜਾ ਇੱਥੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਬਠਿੰਡਾ ਦੇ ਰਾਜਿੰਦਰਾ ਕਾਲਜ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਤਿਰੰਗਾਂ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਆਜ਼ਾਦੀ ਦੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਹੀ ਕੁੱਝ ਵੱਡੇ ਐਲਾਨ ਦੀ ਉਡੀਕ ਵਿੱਚ ਬੈਠੇ 150 ਦੇ ਕਰੀਬ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਫਰੀਡਮ ਫਾਇਟਰਜ਼ ਉੱਤਰਾ ਅਧਿਕਾਰੀ ਜਥੇਬੰਦੀ ਦੇ ਪ੍ਰਧਾਨ ਨਿਰਭੈ ਸਿੰਘ ਜੇਠੂਕੇ ਦੀ ਅਗਵਾਈ ਹੇਠ ਚੱਲਦੇ ਸਮਾਗਮ ਵਿਚ ਬਾਈਕਾਟ ਕਰਦਿਆਂ ਬਾਹਰ ਆ ਗਏ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਆਪਣੀਆਂ ਮੰਗਾਂ ਨਾਂ ਮੰਨੇ ਜਾਣ ਦੇ ਰੋਸ ਵਜੋਂ ਨਾਅਰੇਬਾਜ਼ੀ ਵੀ ਕੀਤੀ। ਜ਼ਿਕਰਯੋਗ ਹੈ ਕਿ 15 ਅਗਸਤ ਤੋਂ ਇੱਕ ਦਿਨ ਪਹਿਲਾਂ ਪਰਿਵਾਰਾਂ ਨੇ ਸਰਕਾਰੀ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ 300 ਯੂਨਿਟ ਬਿਜਲੀ ਮੁਆਫ਼ੀ ਦੇ ਨੋਟੀਫਿਕੇਸ਼ਨ ਦੀ ਕਾਪੀ ਸਮਾਗਮ ਤੋਂ ਪਹਿਲਾਂ ਦੇਣ ਦੀ ਗੱਲ ਕਹੀ ਸੀ ਪਰ ਉਸ ’ਤੇ ਉਹ ਖਰੇ ਨਹੀਂ ਉੱਤਰੇ ਜਿਸ ਕਾਰਨ ਉਨ੍ਹਾਂ ਨੂੰ ਚੱਲਦੇ ਸਮਾਗਮ ਦਾ ਬਾਈਕਾਟ ਕਰਨਾ ਪਿਆ ਹੈ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਨਹਿਰੂ ਸਟੇਡੀਅਮ ਵਿੱਚ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਉਤਸ਼ਾਹ ਨਾਲ ਮਨਾਇਆ। ਇਸ ਸਮਾਗਮ ਦੀ ਪ੍ਰਧਾਨਗੀ ਲਈ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਕੀਤੀ। ਉਨ੍ਹਾਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਜ਼ਿਲ੍ਹੇ ਭਰ ਤੋਂ ਆਏ ਕਾਂਗਰਸੀ ਆਗੂਆਂ ਨੂੰ ਪ੍ਰਸ਼ਾਸਨ ਨੇ ਬਣਦਾ ਸਤਿਕਾਰ ਨਹੀਂ ਦਿੱਤਾ ਅਤੇ ਉਨ੍ਹਾਂ ਨੂੰ ਐਂਟਰੀ ਗੇਟ ਉੱਪਰ ਧੱਕਾਮੁੱਕੀ ਹੋਣਾ ਪਿਆ। ਮਾਰਕੀਟ ਕਮੇਟੀ ਦੇ ਚੇਅਰਮੈਨ ਗਿੰਦਰਜੀਤ ਸਿੰਘ ਸੇਖੋਂ ਨੂੰ ਪੁਲੀਸ ਨੇ ਗੇਟ ਉੱਪਰ ਰੋਕ ਲਿਆ। ਬਾਅਦ ਵਿੱਚ ਉੱਚ ਪੁਲੀਸ ਅਧਿਕਾਰੀਆਂ ਦੇ ਦਖਲ ਮਗਰੋਂ ਗਿੰਦਰਜੀਤ ਸਿੰਘ ਨੂੰ ਸਮਾਗਮ ਵਿੱਚ ਜਾਣ ਦਿੱਤਾ ਗਿਆ ਹੈ। ਕਾਂਗਰਸੀ ਆਗੂਆਂ ਨੇ ਇਸ ਘਟਨਾ ਦੀ ਮੁੱਖ ਮਹਿਮਾਨ ਸਾਹਮਣੇ ਸ਼ਿਕਾਇਤ ਵੀ ਕੀਤੀ। ਇਸ ਦਰਮਿਆਨ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੇ ਬੇਕਦਰੀ ਦਾ ਦੋਸ਼ ਲਾਉਂਦਿਆਂ ਸਮਾਰੋਹ ਵਿੱਚ ਸ਼ਮੂਲੀਅਤ ਨਹੀਂ ਕੀਤੀ। ਸੁਰੇਸ਼ ਕੁਮਾਰ ਅਰੋੜਾ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਪ੍ਰਸ਼ਾਸਨ ਜਾਣ ਬੁੱਝ ਕੇ ਅਣਦੇਖੀ ਕਰ ਰਿਹਾ ਹੈ ਜਿਸ ਕਰੇ ਉਹ ਸਮਾਗਮ ਵਿੱਚ ਸ਼ਾਮਿਲ ਨਹੀਂ ਹੋਏ। ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸਮਾਗਮ ਦਾ ਬਾਈਕਾਟ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਸਮਾਗਮ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਗਿਆ ਹੈ। ਇਸ ਮੌਕੇ ਮੁੱਖ ਮਹਿਮਾਨ ਨੇ ਪੁਲੀਸ ਦੀ ਟੁਕੜੀ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਵੱਖ-ਵੱਖ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਅਤੇ ਵੱਖ-ਵੱਖ ਸਭਿਆਚਾਰਕ ਤੇ ਖੇਡ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ (ਨਿਜੀ ਪੱਤਰ ਪ੍ਰੇਰਕ): ਮੁਕਤਸਰ ਵਿਖੇ ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੌਢੀ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਜ਼ਾਦੀ ਸੰਗਰਾਮ ਤੋਂ ਲੈ ਕੇ ਹੁਣ ਤੱਕ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਅਧਿਕਾਰੀਆਂ ਤੋਂ ਇਲਾਵਾ ਰਾਜਾ ਵੜਿੰਗ, ਕਰਨ ਕੌਰ ਬਰਾੜ, ਹਨੀ ਫੱਤਣਵਾਲਾ, ਸ਼ੰਮੀ ਤੇਹਰੀਆ ਅਤੇ ਉਲੰਪਿਕ ਖਿਡਾਰਨ ਕਮਲਪ੍ਰੀਤ ਕੌਰ ਵੀ ਮੌਜੂਦ ਸਨ। ਇਸ ਮੌਕੇ ਸੁਰੱਖਿਆ ਦੇ ਸਖਤ ਪ੍ਰਬੰਧ ਸਨ।
ਖੇਡ ਮੰਤਰੀ ਨੂੰ ਕਾਮਿਆਂ ਨੇ ਕਾਲੀਆਂ਼ ਝੰਡੀਆਂ ਦਿਖਾਈਆਂ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਮੌਕੇ ਮੁਕਤਸਰ ਵਿਖੇ ਝੰਡਾ ਲਹਿਰਾਉਣ ਆਏ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਖੇਡ ਵਿਭਾਗ ਵਿੱਚ ਠੇਕੇ ’ਤੇ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਅਤੇ ਵਾਟਰ ਵਰਕਸ ਐਂਡ ਸੈਨੀਟੇਸ਼ਨ ਵਿਭਾਗ ਦੇ ਸਾਂਝੇ ਮੋਰਚੇ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਅਤੇ ਆਵਾਜਾਈ ਠੱਪ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ। ਪੁਲੀਸ ਵੱਲੋਂ ਸਖਤ ਪ੍ਰਬੰਧ ਕਰਦਿਆਂ ਮੁਜ਼ਾਹਰਾਕਾਰੀਆਂ ਨੂੰ ਕਾਬੂ ਕਰੀ ਰੱਖਿਆ।