ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 1 ਫਰਵਰੀ
ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਭਗਵੰਤ ਸਿੰਘ ਮਾਨ ’ਤੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਦਾ ਅਪਮਾਨ ਕਰਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਅੜਿੱਕਾ ਬਣਨ ਦੇ ਦੋਸ਼ ਲਾਉਂਦਿਆਂ ਅੱਜ ਬਹੁਜਨ ਸਮਾਜ ਪਾਰਟੀ ਨੇ ਸਥਾਨਕ ਖੰਡਾ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ।
ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਨਿੱਕਾ ਨੇ ਕਿਹਾ ਕਿ ਪਿਛਲੇ ਦਿਨੀਂ ਵਾਇਰਲ ਹੋਈ ਵੀਡੀਓ ਰਾਹੀਂ ਸਾਹਮਣੇ ਆਇਆ ਕਿ ਭਗਵੰਤ ਮਾਨ ਇੱਕ ਸਮਾਗਮ ਦੌਰਾਨ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੇ ਗਲ ਵਿੱਚ ਓਹੀ ਹਾਰ ਪਾ ਰਹੇ ਸਨ ਜਿਹੜੇ ਲੋਕਾਂ ਨੇ ਭਗਵੰਤ ਮਾਨ ਦੇ ਗਲ ਵਿੱਚ ਪਾਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਤਰ੍ਹਾਂ ਕਰਦਿਆਂ ਉਨ੍ਹਾਂ ਡਾਕਟਰ ਅੰਬੇਦਕਰ ਦਾ ਅਪਮਾਨ ਕੀਤਾ ਹੈ। ਜ਼ਿਲ੍ਹਾ ਆਗੂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ 26 ਵਰ੍ਹਿਆਂ ਤੋਂ ਜੇਲ੍ਹ ਵਿੱਚ ਬੰਦ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਅੜਿੱਕੇ ਬਣੇ ਹੋਏ ਹਨ। ਉਸ ਦੀ ਰਿਹਾਈ ਲਈ ਅਦਾਲਤਾਂ ਨੇ ਕਲੀਨ ਚਿੱਟ ਦੇ ਦਿੱਤੀ ਹੈ। ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਸੂਬਾ ਆਗੂ ਮਾਸਟਰ ਜਗਦੀਪ ਸਿੰਘ ਗੋਗੀ, ਹਲਕਾ ਪ੍ਰਧਾਨ ਜੀਤ ਸਿੰਘ ਟੀਟੀ ਆਦਿ ਮੌਜੂਦ ਸਨ।