Budhlada: ਦਲਿਤ ਵਿਦਿਆਰਥੀ ਦੀ ਮੌਤ ਦਾ ਮਾਮਲਾ ਭਖਿਆ
ਬੁਢਲਾਡਾ ਨੇੜਲੇ ਪਿੰਡ ਬੀਰੋਕੇ ਕਲਾਂ ਦੇ ਦਲਿਤ ਨੌਜਵਾਨ ਕਰਨਦੀਪ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪਿੰਡ ਦੇ ਲੋਕਾਂ ਦਾ ਥਾਣਾ ਸਦਰ ਬੁਢਲਾਡਾ ਅੱਗੇ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕਰਨਦੀਪ ਦੀ ਮੌਤ...
ਬੁਢਲਾਡਾ ਨੇੜਲੇ ਪਿੰਡ ਬੀਰੋਕੇ ਕਲਾਂ ਦੇ ਦਲਿਤ ਨੌਜਵਾਨ ਕਰਨਦੀਪ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪਿੰਡ ਦੇ ਲੋਕਾਂ ਦਾ ਥਾਣਾ ਸਦਰ ਬੁਢਲਾਡਾ ਅੱਗੇ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕਰਨਦੀਪ ਦੀ ਮੌਤ ਦੇ ਜ਼ਿੰਮੇਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਐੱਫ ਆਈ ਆਰ ਵਿੱਚ ਅਗਵਾ ਦੀ ਧਾਰਾ ਵੀ ਸ਼ਾਮਲ ਕੀਤੀ।
ਸੀ ਪੀ ਆਈ (ਐੱਮ) ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਕਰਨਦੀਪ ਬੁਢਲਾਡਾ ਬੀ ਏ ਭਾਗ ਪਹਿਲਾ ਦਾ ਵਿਦਿਆਰਥੀ ਸੀ। ਨੌਜਵਾਨ ਦੀ 10-12 ਹਮਲਾਵਰਾਂ ਨੇ ਕੁੱਟਮਾਰ ਕੀਤੀ ਅਤੇ ਬੁਢਲਾਡਾ ਦੇ ਇੱਕ ਹੋਟਲ ਨੇੜਿਓਂ ਅਗਵਾ ਕਰ ਕੇ ਲੈ ਗਏ। ਉਨ੍ਹਾਂ ਨੇ ਨੌਜਵਾਨ ਨੂੰ ਆਪਣੇ ਘਰ ਵਿੱਚ ਬੰਦਕ ਬਣਾ ਕੇ ਬੇਇੱਜ਼ਤ ਅਤੇ ਜ਼ਲੀਲ ਕੀਤਾ। ਇਸ ਕਾਰਨ ਕਰਨਦੀਪ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੋਸ਼ ਲਾਇਆ ਕਿ ਕੇਸ ਦਰਜ ਹੋਣ ਦੇ ਬਾਵਜੂਦ ਪੁਲੀਸ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਕਰਨਦੀਪ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਸ ਮੌਕੇ ਪਿੰਡ ਦੇ ਲੋਕਾਂ ਦੀ ਐਕਸ਼ਨ ਕਮੇਟੀ ਦੇ ਮੁੱਖ ਆਗੂ ਬਲਕਾਰ ਸਿੰਘ ਬੀਰੋਕੇ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਸਾਰੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ, ਨਿੱਕਾ ਸਿੰਘ ਬਹਾਦਰਪੁਰ, ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਵਤਾਰ ਸਿੰਘ, ਭਾਜਪਾ ਆਗੂ ਐਡਵੋਕੇਟ ਰਾਕੇਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।

