Cabinet Minister Gurmeet Singh Khuddian: ਨਸ਼ੇ ਰੋਕਣ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਪਵੇਗਾ: ਖੁੱਡੀਆਂ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮਾਜਿਕ ਸਾਂਝ ਦਾ ਸੁਨੇਹਾ ਦਿੰਦਿਆਂ ਆਖਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮੁੱਚੇ ਸਮਾਜ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਜਿੱਥੇ ਨਸ਼ਾ ਤਸਕਰੀ ’ਤੇ ਸਖ਼ਤੀ ਕਰ ਰਹੀ ਹੈ, ਉੱਥੇ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮਾਜਿਕ ਸਾਂਝ ਦਾ ਸੁਨੇਹਾ ਦਿੰਦਿਆਂ ਆਖਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮੁੱਚੇ ਸਮਾਜ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਜਿੱਥੇ ਨਸ਼ਾ ਤਸਕਰੀ ’ਤੇ ਸਖ਼ਤੀ ਕਰ ਰਹੀ ਹੈ, ਉੱਥੇ ਹੀ ਨਸ਼ਾ ਪੀੜਤਾਂ ਦੇ ਮੁਫ਼ਤ ਇਲਾਜ ਲਈ ਵੀ ਵਚਨਬੱਧ ਹੈ। ਉਹ ਅੱਜ ਇੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।
ਮੰਤਰੀ ਨੇ ਹਦਾਇਤ ਕੀਤੀ ਕਿ ਨਸ਼ਾ ਛੁਡਾਊ ਕੇਂਦਰਾਂ ਦੀ ਦਵਾਈ ਨੂੰ ਨਸ਼ੇ ਦੇ ਵਿਕਲਪ ਵਜੋਂ ਵਰਤਣ ਦੀ ਬਜਾਇ, ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਸ ਦੀ ਮਾਤਰਾ ਹੌਲੀ-ਹੌਲੀ ਘਟਾ ਕੇ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਤੰਦਰੁਸਤ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਦਵਾਈਆਂ ਦੀ ਕਾਲਾਬਾਜ਼ਾਰੀ ਅਤੇ ਗ਼ਲਤ ਵਰਤੋਂ ਰੋਕਣ ਲਈ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ।
ਚੋਰੀ ਦੀਆਂ ਘਟਨਾਵਾਂ ਅਤੇ ਨਸ਼ੇ ਦੇ ਗੱਠਜੋੜ ’ਤੇ ਮੰਤਰੀ ਖੁੱਡੀਆਂ ਨੇ ਪੁਲੀਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕਬਾੜੀਆਂ ਲਈ ਰਜਿਸਟਰ ਲਾਉਣਾ ਲਾਜ਼ਮੀ ਕੀਤਾ ਜਾਵੇ। ਇਸ ਤੋਂ ਇਲਾਵਾ, ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ਾ ਤਸਕਰਾਂ ਦੀ ਕਿਸੇ ਵੀ ਕੀਮਤ ’ਤੇ ਹਮਾਇਤ ਨਾ ਕਰਨ ਦਾ ਸੱਦਾ ਦਿੱਤਾ।
ਇਸ ਮੁਹਿੰਮ ਦੇ ਜ਼ੋਨਲ ਕੋਆਰਡੀਨੇਟਰ ਅਤੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਦੱਸਿਆ ਕਿ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ ਅਤੇ ਵਾਲੰਟੀਅਰ ਸਭ ਰਲ-ਮਿਲਕੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਸੁਨੇਹਾ ਦੇਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਡੇਢ ਸਾਲ ਤੋਂ ਜ਼ਿਲ੍ਹੇ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਯਤਨ ਕੀਤੇ ਗਏ ਹਨ।
ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡਾਂ ਅਤੇ ਵਾਰਡਾਂ ਦੀਆਂ ਸੁਰੱਖਿਆ ਕਮੇਟੀਆਂ ਮਿਹਨਤ ਨਾਲ ਕੰਮ ਕਰ ਰਹੀਆਂ ਹਨ। ਨਸ਼ਿਆਂ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਸਾਥ ਜ਼ਰੂਰੀ ਹੈ। ਇਸ ਤੋਂ ਇਲਾਵਾ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਰੱਖਣ ਲਈ ਲਗਾਤਾਰ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨ ਨਵਜੋਤ ਕੌਰ, ਐੱਸ ਐੱਸ ਪੀ ਵੈਭਵ ਚੌਧਰੀ, ਏ ਡੀ ਸੀ ਕ੍ਰਿਤਿਕਾ ਗੋਇਲ, ਗੁਰਪ੍ਰੀਤ ਸਿੰਘ ਭੁੱਚਰ, ਕਵਿਤਾ ਗਰਗ, ਡਾ. ਰਣਜੀਤ ਸਿੰਘ ਰਾਏ, ਭੂਸ਼ਨ ਕੁਮਾਰ ਮੱਤੀ, ਲਖਵਿੰਦਰ ਸਿੰਘ ਲੱਖੀ ਵੀ ਮੌਜੂਦ ਸਨ।

