ਕੈਬਨਿਟ ਮੰਤਰੀ ਵੱਲੋਂ 43.90 ਕਰੋੜ ਦੇ ਪਾਈਪਲਾਈਨ ਪ੍ਰਾਜੈਕਟ ਦੀ ਸ਼ੁਰੂਆਤ
ਜੋਗਿੰਦਰ ਸਿੰਘ ਮਾਨ
ਮਾਨਸਾ, 28 ਜੂਨ
ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਰਵਜੋਤ ਸਿੰਘ ਨੇ 43.90 ਕਰੋੜ ਦੀ ਲਾਗਤ ਨਾਲ ਮਾਨਸਾ ਤੋਂ ਸੀਵਰੇਜ ਪਾਈਪਲਾਈਨ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਇੱਥੇ ਸੀਵਰੇਜ ਟਰੀਟਮੈਂਟ ਪਲਾਂਟ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਅਧੀਨ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਸਰਹਿੰਦ ਚੋਅ ਤੱਕ 5.25 ਕਿਲੋਮੀਟਰ ਡੀ.ਆਈ. ਕੇ-9 (700 ਐਮ.ਐਮ.ਆਈ.ਡੀ.) ਅਤੇ 9.75 ਕਿਲੋਮੀਟਰ ਡੀ.ਆਈ.ਕੇ-7 (700 ਐਮ.ਐਮ.ਆਈ.ਡੀ.) ਪਾਈਪਲਾਈਨ ਵਿਛਾਈ ਜਾਣੀ ਹੈ ਅਤੇ ਇਹ ਕੰਮ 12 ਮਹੀਨਿਆਂ ਦੇ ਅੰਦਰ ਮੁਕੰਮਲ ਕੀਤਾ ਜਾਣਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੇ ਓਵਰਫਲੋਅ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਇਹ ਪਾਣੀ ਸਾਫ ਕਰਨ ਤੋਂ ਬਾਅਦ ਪਾਈਪਲਾਈਨ ਰਾਹੀਂ ਭੇਜਿਆ ਜਾਵੇਗਾ ਅਤੇ ਜਿੱਥੇ ਕਿਤੇ ਲੋੜ ਹੋਵੇਗੀ, ਉੱਥੇ ਨੱਕੇ ਰੱਖੇ ਜਾਣਗੇ, ਜਿਸ ਨਾਲ ਕਿਸਾਨਾਂ ਨੂੰ ਵੀ ਇਸ ਦਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਲਿੰਕ ਸੜਕਾਂ ਲਈ ਵੀ 5.5 ਕਰੋੜ ਰੁਪਏ ਦੀ ਗਰਾਂਟ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਜਿਸ ਦਾ ਕੰਮ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ਨੂੰ ਕਰੀਬ 50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸੁਗਾਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਲੋਕ ਇਸ ਕੰਮ ਦੀ ਖ਼ੁਦ ਨਿਗਰਾਨੀ ਕਰਨ ਅਤੇ ਜਿੱਥੇ ਵੀ ਲੋਕਾਂ ਨੂੰ ਕੋਈ ਸਮੱਸਿਆ ਜਾਂ ਕਮੀ ਨਜ਼ਰ ਆਉਂਦੀ ਹੈ ਤਾਂ ਉਹ ਬੇਝਿਜਕ ਵਿਧਾਇਕ ਡਾ. ਵਿਜੈ ਸਿੰਗਲਾ ਜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ।
ਇਸ ਮੌਕੇ ਡੀਸੀ ਕੁਲਵੰਤ ਸਿੰਘ, ਐੱਸਐੱਸਪੀ ਭਾਗੀਰਥ ਸਿੰਘ ਮੀਨਾ, ਐੱਸਡੀਐੱਮ ਕਾਲਾ ਰਾਮ ਕਾਂਸਲ, ਚੇਅਰਮੈਨ ਮਾਰਕੀਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ ਤੇ ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ ਵੀ ਮੌਜੂਦ ਸਨ।
ਕੰਮ ਨੂੰ ਜਲਦ ਹੀ ਨੇਪਰੇ ਚਾੜ੍ਹਿਆ ਜਾਵੇਗਾ: ਸਿੰਗਲਾ
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੀ ਸੀਵਰੇਜ ਸਮੱਸਿਆ ਦਾ ਮਾਮਲਾ ਉਨ੍ਹਾਂ ਵੱਲੋਂ ਲਗਾਤਾਰ ਵਿਧਾਨ ਸਭਾ ਵਿਚ ਉਠਾਇਆ ਗਿਆ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਵਜੋਤ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਉਪਰੰਤ ਉਨ੍ਹਾਂ ਵੱਲੋਂ ਅਰਬਨ ਇਨਫਰਾਸਟਰਕਚਰ ਫੰਡ ’ਚੋਂ ਮਾਨਸਾ ਦੀ ਸੀਵਰੇਜ ਸਮੱਸਿਆ ਦੇ ਹੱਲ ਲਈ 43.90 ਕਰੋੜ ਰੁਪਏ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਪੂਰੀ ਹੋਣ ਉਪਰੰਤ ਹੁਣ ਇਹ ਪਾਈਪਲਾਈਨ ਪ੍ਰਾਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜਿਸ ਨੂੰ ਜਲਦ ਹੀ ਸਿਰੇ ਚੜ੍ਹਾਇਆ ਜਾਵੇਗਾ।