ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੇ ਬਾਈਕਾਟ ਸੱਦਾ
ਇੱਥੋਂ ਨੇੜਲੇ ਪਿੰਡ ਤਲਵੰਡੀ ਅਕਲੀਆ ਵਿੱਚ ਜੇ ਐੱਸ ਡਬਲਯੂ ਸੀਮਿੰਟ ਫੈਕਟਰੀ ਦੇ ਵਿਰੋਧ ’ਚ ਬਣੀ ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਨੇ ਇਲਾਕੇ ਦੇ ਵੋਟਰਾਂ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਸਾਰੀਆਂ ਸਿਆਸੀਆਂ ਪਾਰਟੀਆਂ ਦੇ ਮੁਕੰਮਲ ਚੋਣ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਸੰਘਰਸ਼ ਕਮੇਟੀ ਨੇ ਕਿਹਾ ਕਿ ਇਹ ਸੱਦਾ ਇਲਾਕੇ ਵਿੱਚ ਬਣਨ ਜਾ ਰਹੀ ਸੀਮਿੰਟ ਫੈਕਟਰੀ ਦਾ ਰਾਜਨੀਤਕ ਪਾਰਟੀਆਂ ਵੱਲੋਂ ਕਮੇਟੀ ਦੀ ਮੰਗ ਅਨੁਸਾਰ ਵਿਰੋਧ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਲੱਗਣ ਕਾਰਨ ਇਲਾਕੇ ਵਿੱਚ ਪ੍ਰਦੂਸ਼ਣ ਦੀ ਦਿੱਕਤ ਖੜ੍ਹੀ ਹੋਣ ਦਾ ਖਦਸ਼ਾ ਹੈ। ਸੰਘਰਸ਼ ਕਮੇਟੀ ਨੇ ਇਸ ਸਬੰਧੀ ਪਿੰਡ ਵਿੱਚ ਮੀਟਿੰਗ ਕਰ ਕੇ ਫਲੈਕਸ ਲਗਾਉਣ ਦਾ ਦਾਅਵਾ ਕੀਤਾ ਹੈ।
ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਨੇ ਦੋਸ਼ ਲਾਇਆ ਕਿ ‘ਆਪ’ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਇਸ ਸੀਮਿੰਟ ਫੈਕਟਰੀ ਨਾ ਲੱਗਣ ਦੇਣ ਸਬੰਧੀ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਾਉਣ ਲਈ ਬੇਨਤੀ ਕੀਤੀ ਗਈ ਸੀ, ਪਰ ਇਸ ਦਾ ਹਾਲੇ ਤਕ ਕੋਈ ਜਵਾਬ ਨਹੀਂ ਆਇਆ ਹੈ।
ਜਨਰਲ ਸਕੱਤਰ ਦਰਸ਼ਨ ਸਿੰਘ ਖਾਲਸਾ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੂੰ ਵੀ ਮੰਗ ਪੱਤਰ ਦਿੱਤਾ ਤੇ ਉਨ੍ਹਾਂ ਵੱਲੋਂ ਮੰਗ ਪੱਤਰ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਮੰਗ ਪੱਤਰ ਲੈਣ ਸਮੇਂ ਕਮੇਟੀ ਨਾਲ ਬਹਿਸਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੇ ਐੱਸ ਡਬਲਯੂ ਦੇ ਮਾਲਕ ਸਿਆਸੀ ਪਾਰਟੀਆਂ ਦੇ ਚਹੇਤੇ ਹੋਣ ਕਾਰਨ ਇਨ੍ਹਾਂ ਤੋਂ ਕੋਈ ਵੀ ਉਮੀਦ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਪਾਰਟੀਆਂ ਦਾ ਇਹੋ-ਜਿਹਾ ਵਤੀਰਾ ਰਿਹਾ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਕੰਮਲ ਤੌਰ ’ਤੇ ਪੰਜਾਬ ਵਿੱਚ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਜਸਵੀਰ ਸਿੰਘ, ਸੁਖਦੀਪ ਸਿੰਘ, ਕਾਕਾ ਸਿੰਘ, ਖੁਸ਼ਵੀਰ ਸਿੰਘ ਵੀ ਮੌਜੂਦ ਸਨ।
