ਜਸਵੰਤ ਜੱਸ
ਫਰੀਦਕੋਟ, 22 ਫ਼ਰਵਰੀ
ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਫ਼ਰੀਦਕੋਟ ਜ਼ਿਲ੍ਹੇ ਦੇ ਉਮੀਦਵਾਰਾਂ ਨੇ ਹੁਣ ਨਤੀਜਿਆਂ ਦੀ ਉਡੀਕ ਅਤੇ ਪੋਲ ਹੋਈਆਂ ਵੋਟਾਂ ਦੀ ਸਮੀਖਿਆ ਕਰਨੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਪਣੇ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਤੋਂ ਪੋਲ ਹੋਈਆਂ ਵੋਟਾਂ ਬਾਰੇ ਜਾਣਕਾਰੀ ਹਾਸਲ ਕਰਕੇ ਚੋਣ ਨਤੀਜਿਆਂ ਦਾ ਅੰਦਾਜ਼ਾ ਲਾਉਣ ਦੀ ਕੋਸ਼ਿਸ਼ ਕੀਤੀ। ਇਸੇ ਤਰ੍ਹਾਂ ਅਕਾਲੀ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਵੀ ਆਪਣੇ ਵਰਕਰਾਂ ਨਾਲ ਮੀਟਿੰਗ ਦੌਰਾਨ ਵੋਟਾਂ ਬਾਰੇ ਸੂਚਨਾ ਹਾਸਲ ਕੀਤੀ ਅਤੇ ਦਾਅਵਾ ਕੀਤਾ ਕਿ ਹਲਕੇ ਵਿੱਚ ਅਕਾਲੀ ਦਲ ਨੂੰ ਸ਼ਾਨਦਾਰ ਜਿੱਤ ਮਿਲੇਗੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਦਫ਼ਤਰ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਬਾਅਦ ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਸ਼ਰਾਬ ਅਤੇ ਪੈਸੇ ਦੀ ਖੁੱਲ੍ਹ ਕੇ ਵਰਤੋਂ ਕੀਤੀ ਗਈ ਅਤੇ ਲਿਖਤੀ ਸ਼ਿਕਾਇਤ ਭੇਜਣ ਦੇ ਬਾਵਜੂਦ ਚੋਣ ਅਧਿਕਾਰੀ ਪੈਸੇ ਅਤੇ ਸ਼ਰਾਬ ਦੀ ਦੁਰਵਰਤੋਂ ਨੂੰ ਰੋਕ ਨਹੀਂ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਫਰੀਦਕੋਟ ਜ਼ਿਲ੍ਹੇ ਵਿੱਚ ਸਾਰੀਆਂ ਸੀਟਾਂ ਉੱਪਰ ਜਿੱਤ ਹਾਸਲ ਕਰੇਗੀ। ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਉਹ ਪੂਰੀ ਤਰ੍ਹਾਂ ਉਤਸ਼ਾਹਿਤ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਰਿਕਾਰਡ ਤੋੜ ਜਿੱਤ ਹਾਸਲ ਕਰੇਗੀ। ਅਕਾਲੀ ਉਮੀਦਵਾਰ ਮਨਤਾਰ ਸਿੰਘ ਬਰਾੜ ਕੋਲ ਵਿਧਾਨ ਸਭਾ ਚੋਣਾਂ ਬਾਰੇ ਸਭ ਤੋਂ ਵੱਧ ਦਿਲਚਸਪ ਅੰਕੜੇ ਹਨ। ਉਨ੍ਹਾਂ ਆਪਣੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਉਪਰੰਤ ਕਿਹਾ ਕਿ ਅਕਾਲੀ ਦਲ ਦੀ ਜਿੱਤ ਯਕੀਨੀ ਹੈ। ਜੈਤੋ ਤੋਂ ਕਾਂਗਰਸ ਦੇ ਉਮੀਦਵਾਰ ਦਰਸ਼ਨ ਸਿੰਘ ਢਿੱਲਵਾਂ ਨੇ ਵੀ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਲੋਕਾਂ ਨੇ ਕਾਂਗਰਸ ਸਰਕਾਰ ਨੂੰ ਦੁਬਾਰਾ ਸੱਤਾ ਵਿੱਚ ਲਿਆਉਣ ਲਈ ਖੁੱਲ੍ਹ ਕੇ ਵੋਟਾਂ ਪਾਈਆਂ ਹਨ।