ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ/ਮੋਗਾ, 29 ਸਤੰਬਰ
ਮੋਗਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਉਂਦਿਆਂ ਹੋਇਆ ਦੇਰ ਸ਼ਾਮ ਨੂੰ ਮੋਗਾ ਵਿੱਚ ਕੈਂਡਲ, ਮਸ਼ਾਲ ਮਾਰਚ ਕੱਢਿਆ ਗਿਆ। ਡਿਪਟੀ ਕਮਿਸ਼ਨਰ ਕੈਂਪ ਦਫ਼ਤਰ ਤੋਂ ਸ਼ਹੀਦੀ ਪਾਰਕ ਤੱਕ ਕੱਢੇ ਗਏ ਕੈਂਡਲ, ਮਸ਼ਾਲ ਮਾਰਚ ਦੀ ਅਗਵਾਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤੀ। ਉਨ੍ਹਾਂ ਨਾਲ ਐੱਸਡੀਐੱਮ ਰਾਮ ਸਿੰਘ, ਸਹਾਇਕ ਕਮਿਸ਼ਨਰ ਸੁਜਾਵਲ ਜੱਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ। ਭਾਗ ਲੈਣ ਵਾਲੇ ਸਾਰੇ ਲੋਕਾਂ ਨੇ ਹੱਥਾਂ ਵਿੱਚ ਸ਼ਹੀਦ-ਏ ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਸਬੰਧੀ ਤਖਤੀਆਂ ਫੜ੍ਹੀਆਂ ਹੋਈਆਂ ਸਨ। ਮੋਗਾ ਜਗਮਗ ਕਰਨ ਲੱਗ ਪਿਆ। ਪੂਰੇ ਜ਼ਿਲ੍ਹੇ ਵਿੱਚ ਵੀ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਦੀਵੇ ਅਤੇ ਮੋਮਬੱਤੀਆਂ ਜਗਾਈਆਂ ਗਈਆਂ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵੀਡਿਓ ਮੈਸੇਜ ਵੱਡੀ ਸਕਰੀਨ ਉੱਤੇ ਚਲਾਇਆ ਗਿਆ।
ਸ਼ਹੀਦ ਨੂੰ ਸਮਰਪਿਤ ਚੇਤਨਾ ਮਾਰਚ
ਭਗਤਾ ਭਾਈ (ਪੱਤਰ ਪ੍ਰੇਰਕ): ਇਥੇ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵੱਲੋਂ ਪ੍ਰਿੰਸੀਪਲ ਸੁਮਨ ਸ਼ਰਮਾ ਤੇ ਡਾਇਰੈਕਟਰ ਸਰਬਪਾਲ ਸ਼ਰਮਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਰੌਂਤਾ, ਮਾਣੂੰਕੇ ਗਿੱਲ ਅਤੇ ਆਕਲੀਆ ਜਲਾਲ ’ਚ ਚੇਤਨਾ ਮਾਰਚ ਕੱਢੇ ਗਏ। ਪ੍ਰਿੰਸੀਪਲ ਸੁਮਨ ਸ਼ਰਮਾ ਨੇ ਕਿਹਾ ਕਿ ਇਸ ਚੇਤਨਾ ਮਾਰਚ ਦਾ ਮਕਸਦ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਜਾਣੂ ਕਰਵਾਉਣਾ ਸੀ। ਮਾਰਚਾਂ ’ਚ ਸਬੰਧਤ ਪਿੰਡਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਤੀਰਥ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ, ਲਵਪ੍ਰੀਤ ਕੌਰ, ਗੁਰਮੇਲ ਸਿੰਘ, ਕਰਮਜੀਤ ਕੌਰ, ਮਨਪ੍ਰੀਤ ਸਿੰਘ ਹਾਜ਼ਰ ਸਨ।
ਸਕੂਲ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ। ਜਨਮ ਦਿਹਾੜੇ ਮੌਕੇ ਲੈਕਚਰਾਰ ਜਸਵੀਰ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਸ਼ਹੀਦ-ਏ ਆਜ਼ਮ ਦੇ ਜੀਵਨ ਅਤੇ ਆਦਰਸ਼ਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਕੂਲ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਭਗਤ ਸਿੰਘ ਦੇ ਫਲਸਫੇ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਵਿਦਿਆਰਥੀ ਲਵਪ੍ਰੀਤ ਸਿੰਘ ਨੇ ਭਗਤ ਸਿੰਘ ਦੇ ਜੀਵਨ ਸਬੰਧੀ ਕਵਿਤਾ ਪੇਸ਼ ਕੀਤੀ।