ਪੱਤਰ ਪ੍ਰੇਰਕ
ਭੁੱਚੋ ਮੰਡੀ, 6 ਜੂਨ
ਸਮਾਜ ਸੇਵੀ ਨੌਜਵਾਨਾਂ ਅਤੇ ਸੰਘਰਸ਼ ਕਮੇਟੀ ਨੇ ਸ਼ਹਿਰ ਵਿੱਚ ਲੱਦਾਖ ’ਚ ਸ਼ਹੀਦ ਹੋਏ ਭਾਰਤੀ ਫੌਜੀਆਂ ਅਤੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ, ਗੰਨ ਅਤੇ ਗੈਂਗਸਟਰ ਕਲਚਰ ਤੋਂ ਦੂਰ ਰਹਿਣ ਲਈ ਮੋਮਬੱਤੀ ਮਾਰਚ ਕੱਢਿਆ। ਇਹ ਮਾਰਚ ਰੇਲਵੇ ਬਾਜ਼ਾਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ਵਿੱਚੋ ਹੁੰਦਾ ਹੋਇਆ ਫੁਹਾਰਾ ਚੌਕ ਵਿੱਚ ਸਮਾਪਤ ਹੋਇਆ। ਸਮਾਜਸੇਵੀ ਮਨਦੀਪ ਭਲੇਰਿਆ, ਪਰਮਜੀਤ ਪੰਮਾ ਅਤੇ ਗੋਲਡੀ ਢਿੱਲੋਂ ਦੀ ਅਗਵਾਈ ਹੇਠ ਨੌਜਵਾਨਾਂ ਨੇ ਮਾਰਚ ਕੱਢਿਆ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਕਰਦਿਆ ਨੌਜਵਾਨਾਂ ਨੇ ਬਾਲ ਭਵਨ ਤੋਂ ਬਾਬਾ ਭੂਮਣ ਸ਼ਾਹ ਚੌਕ ਤੱਕ ਰੋਸ ਪ੍ਰਦਰਸ਼ਨ ਕੀਤਾ। ਬਾਬਾ ਭੂਮਣ ਸ਼ਾਹ ਚੌਕ ’ਤੇ ਮੋਮਬੱਤੀਆਂ ਬਾਲ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਅਤੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਭਾਰਤੀ ਕਿਸਾਨ ਏਕਤਾ ਅਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨਾਲ ਜੁੜੇ ਕਿਸਾਨਾਂ ਵੱਲੋਂ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਜ਼ਿਲ੍ਹਾ ਸਕੱਤਰ ਭੂਪਿੰਦਰ ਸਿੰਘ, ਭਾਰਤੀ ਕਿਸਾਨ ਏਕਤਾ ਦੇ ਆਗੂ ਮੈਕਸ ਸਾਹੂਵਾਲਾ ਹਾਜ਼ਰ ਸਨ।