ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 27 ਜੂਨ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਕਾਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿੰਡ ਮਹਿਰਾਜ ਦੇ ਠੱਪ ਪਏ ਵਿਕਾਸ ਕਾਰਜਾਂ ਦੇ ਮੁੱਦੇ ’ਤੇ ਘੇਰਦਿਆਂ ਤਿੱਖਾ ਸਿਆਸੀ ਹਮਲਾ ਕੀਤਾ। ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਪੁਰਖਿਆਂ ਦੇ ਪਿੰਡ ਮਹਿਰਾਜ ਦੀ ਸਾਰ ਤਾਂ ਲੈ ਲੈਂਦੇ। ਪਿੰਡ ਵਾਸੀ ਮੁੱਖ ਮੰਤਰੀ ਦੀ ਰਾਹ ਪਿਛਲੇ ਸਾਢੇ ਚਾਰ ਸਾਲ ਤੋਂ ਉਡੀਕ ਰਹੇ ਹਨ ਕਿ ਸ਼ਾਇਦ ਕਦੇ ਮੁੱਖ ਮੰਤਰੀ ਸਾਹਿਬ ਆਉਣ ਤੇ ਪੁਰਖਿਆਂ ਦੇ ਪਿੰਡ ਮਹਿਰਾਜ ਦੀ ਸਾਰ ਲੈਣ। ਬਲਕਾਰ ਸਿੱਧੂ ਨੇ ਮਹਿਰਾਜ ਦੀਆਂ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਜਲਥਲ ਹੋਈਆਂ ਗਲੀਆਂ ਤੇ ਬੰਦ ਹੋਏ ਸੀਵਰੇਜ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਲੋਕਾਂ ਨੇ ਆਪਣੀਆਂ ਸਮੱਸਿਆਵਾ ਪ੍ਰਤੀ ਵੀ ਜਾਣੂ ਕਰਵਾਇਆ ਤੇ ਕਿਹਾ ਕਿ ਇਸ ਮੁੱਖ ਸੜਕ ਕਰਕੇ ਲੋਕਾਂ ਨੂੰ ਆਉਣ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਦੋ ਧਨਾਢ ਮੰਤਰੀਆਂ ਦੇ ਹਲਕੇ ਦੇ ਪਿੰਡਾਂ ਦੀ ਹਾਲਤ ਦੇਖ ਕੇ ਤਰਸ ਆਉਂਦਾ ਹੈ ਕਿ ਦੋਵੇਂ ਮੰਤਰੀਆਂ ਨੇ ਕਦੇ ਪਿੰਡਾਂ ਦੀ ਸਾਰ ਨਹੀਂ ਲਈ। ਇਸ ਮੌਕੇ ਪਿੰਡ ਦੇ ਦਰਜਨ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋਏ ਤੇ ਸਿੱਧੂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਤੇ ਪਹਿਲ ਦੇ ਆਧਾਰ ਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਸਾਥ ਦੇਣ।