ਨਹਿਰੀ ਪਾਣੀ ਚੋਰੀ ਕਰਨ ਦੇ ਦੋਸ਼ ਹੇਠ ਦੋ ਜਣਿਆਂ ਖ਼ਿਲਾਫ਼ ਕੇਸ ਦਰਜ
ਪ੍ਰਸ਼ੋਤਮ ਕੁਮਾਰ
ਸਾਦਿਕ, 27 ਜੂਨ
ਸਾਦਿਕ ਪੁਲੀਸ ਨੇ ਪਿੰਡ ਦੀਪ ਸਿੰਘ ਵਾਲਾ ਦੇ ਦੋ ਵਿਅਕਤੀਆਂ ਖ਼ਿਲਾਫ਼ ਕਥਿਤ ਨਹਿਰੀ ਪਾਣੀ ਗ਼ੈਰਕਾਨੂੰਨੀ ਤਰੀਕੇ ਨਾਲ ਪਾਈਪਾਂ ਪਾ ਕੇ ਚੋਰੀ ਕਰਨ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਿੰਜਾਈ ਵਿਭਾਗ ਦੀ ਸ਼ਿਕਾਇਤ ’ਤੇ ਪਰਚਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਨਹਿਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਦੋਂ ਕਾਨਿਆਂਵਾਲੀ ਰਾਜਬਾਹੇ ਦਾ ਨਿਰੀਖਣ ਕੀਤਾ ਗਿਆ ਤਾਂ ਪਾਇਆ ਗਿਆ ਕਿ ਰਾਜਬਾਹੇ ਦੀ ਲਾਈਨਿੰਗ ਤੋੜ ਕੇ ਨਜਾਇਜ਼ ਪਾਈਪਾਂ ਪਾਈਆਂ ਗਈਆਂ ਹਨ ਅਤੇ ਫ਼ਸਲ ਦੀ ਸਿੰਚਾਈ ਲਈ ਇਹਨਾਂ ਪਾਈਪਾਂ ਰਾਹੀਂ ਨਹਿਰੀ ਪਾਣੀ ਦੀ ਗੈਰ ਕਾਨੂੰਨੀ ਤਰੀਕੇ ਨਾਲ ਵਰਤੋਂ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਪੜਤਾਲ ਕਰਨ ਉਪਰੰਤ ਉਪ ਮੰਡਲ ਅਫ਼ਸਰ, ਹੈੱਡ ਵਰਕਸ, ਨਹਿਰੀ ਕਲੋਨੀ ਫਿਰੋਜ਼ਪੁਰ ਦੀ ਸ਼ਿਕਾਇਤ ਦੇ ਅਧਾਰ 'ਤੇ ਇਸ ਮਾਮਲੇ ਵਿੱਚ ਪਿੰਡ ਦੀਪ ਸਿੰਘ ਵਾਲਾ ਦੇ ਸੁਰਜੀਤ ਸਿੰਘ ਅਤੇ ਬਖਸ਼ੀਸ਼ ਸਿੰਘ ਖਿਲਾਫ਼ ਨਹਿਰੀ ਪਾਣੀ ਗੈਰ ਕਾਨੂੰਨੀ ਤਰੀਕੇ ਨਾਲ ਪਾਈਪਾਂ ਪਾ ਕੇ ਚੋਰੀ ਕਰਨ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।