ਮੋਗਾ ’ਚ ਪਰਾਲੀ ਸਾੜਨ ਦੇ ਕੇਸ ਘਟੇ: ਸਾਗਰ ਸੇਤੀਆ
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਮੋਗਾ ਜ਼ਿਲ੍ਹੇ ’ਚ ਕਿਸਾਨ ਜਾਗਰੂਕ ਹੋ ਗਏ ਹਨ। ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਪਰਾਲੀ ਸਾੜਨ ਵਾਲੇ...
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਮੋਗਾ ਜ਼ਿਲ੍ਹੇ ’ਚ ਕਿਸਾਨ ਜਾਗਰੂਕ ਹੋ ਗਏ ਹਨ। ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ 35 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਰੂਰਤ ਹੈ ਕਿ ਸਾਰੇ ਵਰਗ ਮਿਲ ਕੇ ਵਾਤਾਵਰਨ ਦੀ ਸੰਭਾਲ ਲਈ ਹੰਭਲਾ ਮਾਰਨ। ਪ੍ਰਸ਼ਾਸਨ ਵਾਤਾਵਰਨ ਦੀ ਸੰਭਾਲ ਲਈ ਪੂਰੀ ਤਰ੍ਹਾਂ ਸੁਹਿਰਦਤਾ ਹੈ। ਇਸੇ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵੱਡੀ ਪੱਧਰ ’ਤੇ ਸਬਸਿਡੀ ਉੱਪਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨਾ ਚਿੰਤਾਜਨਕ ਹੈ। ਕਈ ਮਹੱਤਵਪੂਰਨ ਕਦਮਾਂ ਨੂੰ ਲਾਗੂ ਕਰਨ ਦੇ ਬਾਵਜੂਦ ਸਰਕਾਰਾਂ ਅਜੇ ਤੱਕ ਇਸ ਮੁੱਦੇ ਨੂੰ ਹੱਲ ਨਹੀਂ ਕਰ ਸਕੀਆਂ। ਕੇਸ ਦਰਜ ਕਰਨ, ਜੁਰਮਾਨਾ ਲਗਾਉਣਾ ਜਾਂ ਲਾਲ ਐਂਟਰੀ ਸਮੱਸਿਆ ਦਾ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲਾਗਤ ਖ਼ਰਚਿਆਂ ਕਾਰਨ ਪ੍ਰੇਸ਼ਾਨ ਹਨ। ਹਰ ਸਾਲ ਸਤੰਬਰ ਤੇ ਅਕਤੂਬਰ ਦੇ ਮਹੀਨਿਆਂ ਦੌਰਾਨ ਪਰਾਲੀ ਸਾੜਨ ਕਾਰਨ ਹਵਾ ਪ੍ਰਦੂਸ਼ਣ ਹੁੰਦਾ ਹੈ। ਵਾਤਾਵਰਨ ਪ੍ਰੇਮੀ ਤੇ ਕਿਸਾਨ ਜਥੇਬੰਦੀਆਂ ਵੀ ਸਰਕਾਰਾਂ ਨੂੰ ਅਪੀਲ ਕਰ ਰਹੀਆਂ ਹਨ ਕਿ ਇਸ ਮਸਲੇ ਦਾ ਢੁੱਕਵਾਂ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੌਰਾਨ ਸਮੇਂ ਦੀਆਂ ਸਰਕਾਰਾਂ ਨੇ ਐੱਮ ਐੱਸ ਪੀ ਦੇ ਕੇ ਕਿਸਾਨਾਂ ਨੂੰ ਬਹੁ-ਫ਼ਸਲੀ ਚੱਕਰ ’ਚੋਂ ਕੱਢ ਕੇ ਮੌਜੂਦਾ ਫ਼ਸਲੀ ਚੱਕਰ ਜੀਰੀ-ਕਣਕ ਵੱਲ ਪ੍ਰੇਰਿਤ ਕੀਤਾ। ਐੱਮ ਐੱਸ ਪੀ ’ਤੇ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਸਦਕਾ ਕਿਸਾਨ ਵੀ ਕੇਵਲ ਇਨ੍ਹਾਂ ਫ਼ਸਲਾਂ ਤਕ ਸੀਮਤ ਹੋ ਗਏ ਹਨ।

