ਇਸ਼ਨਾਨ ਸੇਵਾ ਦੇ ਦਸ ਵਰ੍ਹੇ ਪੂਰੇ ’ਤੇ ਸਮਾਗਮ
ਤਖ਼ਤ ਦਮਦਮਾ ਸਾਹਿਬ ਵਿੱਚ ਨਿਰੰਤਰ ਚੱਲ ਰਹੀ ਇਸ਼ਨਾਨ ਸੇਵਾ ਦੇ ਦਸ ਵਰ੍ਹੇ ਪੂਰੇ ਹੋਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਸਿੰਘ ਵਿੱਚ ਸ਼ੁਕਰਾਨਾ ਸਮਾਗਮ ਕੀਤਾ ਗਿਆ। ਇਸ ਵਿੱਚ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਅੱਜ ਪਹਿਲਾਂ ਗੁਰਦੁਆਰਾ ਬਾਬਾ ਬੀਰ ਸਿੰਘ, ਧੀਰ ਸਿੰਘ ਵਿੱਚ ਸੁਖਮਨੀ ਸਾਹਿਬ ਦੇ ਪਾਠ ਹੋਇਆ ਤੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਇਸ ਉਪਰੰਤ ਇਸ਼ਨਾਨ ਸੇਵਾ ਮਹਾਤਮ ਵਿਚਾਰਾਂ ਹੋਈਆਂ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਮਾਪਿਆਂ ਅਤੇ ਗੁਰੂ ਘਰਾਂ ਦੀ ਸੇਵਾ ਸਭ ਤੋਂ ਵੱਡੀ ਹੈ। ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ, ਵਧੀਕ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਅਤੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪਿਛਲੇ ਸਮੇਂ ਤਖ਼ਤ ਸਾਹਿਬ ਵਿੱਚ ਇਸ਼ਨਾਨ ਸੇਵਾ ਕਰਦੀਆਂ ਆ ਰਹੀ ਸੰਗਤ ਅਤੇ ਮੋਹਤਵਰਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਅਰਦਾਸ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕੀਤੀ। ਸਮਾਗਮ ਵਿੱਚ ਮੈਨੇਜਰ ਤਖ਼ਤ ਸਾਹਿਬ ਭਾਈ ਗੁਰਵਿੰਦਰ ਸਿੰਘ, ਵਧੀਕ ਮੈਨੇਜਰ ਗੁਰਦੇਵ ਸਿੰਘ, ਇੰਚਾਰਜ ਧਰਮ ਪ੍ਰਚਾਰ ਉਪ ਦਫ਼ਤਰ ਭੋਲਾ ਸਿੰਘ, ਪ੍ਰਿੰਸੀਪਲ ਰਵਿੰਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।