ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 3 ਨਵੰਬਰ
‘ਪੂਰੇ ਦੇਸ਼ ਦਾ ਪੇਟ ਭਰਨ ਵਾਲਾ ਅੰਨਦਾਤਾ ਇਸ ਸਮੇਂ ਸੜਕਾਂ ‘ਤੇ ਰੁਲਣ ਲਈ ਮਜਬੂਰ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਧੱਕੇਸ਼ਾਹੀ ਨਾਲ ਦਬਾਉਣ ‘ਤੇ ਤੁਲੀ ਹੋਈ ਹੈ।’ ਇਹ ਗੱਲ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਸਬਾ ਭਗਤਾ ਭਾਈ ਤੇ ਕੋਠਾ ਗੁਰੂ ਵਿੱਚ 4 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮਗਰੋਂ ਕਹੀ।
ਕਾਂਗੜ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਦੇ ਵੀ ਪਿੱਛੇ ਨਹੀਂ ਹਟੇਗੀ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ। ਜੇਕਰ ਕੇਂਦਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਤਾਂ ਉਹ ਕਿਸਾਨਾਂ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਆਰ.ਡੀ.ਐੱਫ਼ ‘ਤੇ ਰੋਕ ਲਗਾਉਣਾ ਤੇ ਪਿਛਲੇ ਡੇਢ ਸਾਲਾਂ ਤੋਂ ਸੂਬਾ ਸਰਕਾਰ ਦਾ ਬਣਦਾ ਜੀ.ਐਸ.ਟੀ. ਦਾ 10 ਹਜ਼ਾਰ ਕਰੋੜ ਰੁਪਏ ਨਾ ਦੇਣਾ ਸੂਬੇ ਨੂੰ ਤਬਾਹ ਕਰਨ ਦੀ ਚਾਲ ਹੈ ਜਿਸ ਨੂੰ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਨਗਰ ਪੰਚਾਇਤ ਭਗਤਾ ਭਾਈ ਵਿੱਚ 239.30 ਲੱਖ ਤੇ ਨਗਰ ਪੰਚਾਇਤ ਕੋਠਾ ਗੁਰੂ ਵਿੱਚ 159.59 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਭਗਤਾ, ਪ੍ਰਧਾਨ ਇੰਦਰਜੀਤ ਸਿੰਘ ਮਾਨ, ਬੂਟਾ ਸਿੰਘ ਸਿੱਧੂ, ਵਿਜੈ ਕੁਮਾਰ ਪੱਪੂ ਆਦਿ ਹਾਜ਼ਰ ਸਨ।