ਨਿੱਜੀ ਪੱਤਰ ਪ੍ਰੇਰਕ
ਮੋਗਾ, 5 ਮਈ
ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ, ਸਹਿਕਾਰਤਾ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਅਭਿਲਕਸ਼ ਲਿਖੀ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਪ੍ਰਾਇਮਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਹਿਕਾਰੀ ਸਮਿਤੀਆਂ ਦਾ ਦੌਰਾ ਕੀਤਾ।
ਜ਼ਿਲ੍ਹਾ ਸਕੱਤਰੇਤ ਵਿਖੇ ਕੇਂਦਰੀ ਵਧੀਕ ਸਕੱਤਰ ਅਭਿਲਕਸ਼ ਲਿਖੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਨੂੰ ਸਕਿੱਲ, ਸਿਹਤ, ਪੇਂਡੂ ਵਿਕਾਸ, ਮੱਛੀ ਤੇ ਪਸ਼ੂ ਪਾਲਣ, ਆਂਗਨਵਾੜੀ ਅਤੇ ਪੌਲੀ ਹਾਊਸ ਤਕਨੀਕ ਦੇ ਵਿਕਾਸ ਲਈ ਪ੍ਰਸਤਾਵ ਭੇਜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਐਸਡੀਐਮ ਸਤਵੰਤ ਸਿੰਘ ਅਤੇ ਖੇਤੀ ਵਿਗਿਆਨੀ ਡਾ.ਜਸਵਿੰਦਰ ਸਿੰਘ ਬਰਾੜ ਤੇ ਹੋਰ ਅਧਿਕਾਰੀਆਂ ਨਾਲ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਦੌਰਾਨ ਪ੍ਰਾਇਮਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਹਿਕਾਰੀ ਸਮਿਤੀਆਂ ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਉੱਤੇ ਅਤੇ ਜ਼ਹਿਰਾਂ ਆਦਿ ਕਾਰਨ ਪੰਜਾਬ ’ਚ ਕੁਪੋਸ਼ਣ ਦਾ ਸ਼ਿਕਾਰ ਪੈਦਾ ਹੋ ਰਹੇ ਬੱਚਿਆਂ ਬਾਰੇ ਚਿੰਤਾਂ ਦਾ ਪ੍ਰਗਟਾਵਾ ਕਰਦੇ ਆਖਿਆ ਕਿ ਪੰਜਾਬ ਹੀ ਦੇਸ਼ ਦਾ ਢਿੱਡ ਭਰਨ ਵਾਲੇ ਸੂਬਾ ਹੈ। ਉਨ੍ਹਾਂ ਕਮਿਊਨਿਟੀ ਹੈਲਥ ਸੈਂਟਰ ਢੁੱਡੀਕੇ ਦਾ ਵੀ ਦੌਰਾ ਕੀਤਾ।