ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਦਮਦਮਾ ਸਾਹਿਬ ’ਚ ਸਮਾਗਮ

ਹਜ਼ੂਰੀ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ
ਤਖ਼ਤ ਦਮਦਮਾ ਸਾਹਿਬ ’ਚ ਕਰਵਾਏ ਸ਼ਹੀਦੀ ਸਮਾਗਮ ਮੌਕੇ ਅਰਦਾਸ ਵਿੱਚ ਸ਼ਾਮਲ ਸੰਗਤ।
Advertisement

ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ , ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦਾ 350 ਸ਼ਹੀਦੀ ਦਿਹਾੜਾ ਅੱਜ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੂਰਨ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਅਖੰਡ ਸਾਹਿਬ ਦੇ ਭੋਗ ਪਾਏ ਗਏ ਅਤੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕੀਤੀ। ਹਜ਼ੂਰੀ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਗੁਰੂ ਤੇਗ ਬਹਾਦਰ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ’ਤੇ ਚਾਨਣਾ ਪਾਇਆ।

ਇਸ ਮੌਕੇ ਸੰਗਤ ਨੂੰ ਸਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਸਣੇ ਹੋਰ ਸ਼ਹੀਦਾਂ ਵੱਲੋਂ ਜ਼ਬਰ ਜ਼ੁਲਮ ਦੇ ਖ਼ਿਲਾਫ਼ ਅਤੇ ਮੁਨੱਖਤਾ ਦੇ ਭਲੇ ਲਈ ਦਿੱਤੇ ਬਲੀਦਾਨ ਹਮੇਸ਼ਾਂ ਕੌਮ ਨੂੰ ਸੇਧ ਦਿੰਦੇ ਰਹਿਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਨਾਲ ਜੋੜਨ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਪ੍ਰਿੰਸੀਪਲ ਰਵਿੰਦਰ ਸਿੰਘ, ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਜੈਲਦਾਰ ਸਣੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

Advertisement

ਇਸੇ ਤਰ੍ਹਾਂ ਸੰਤ ਸੇਵਕ ਲੰਗਰ ਬੁੰਗਾ ਮਸਤੂਆਣਾ ਸਾਹਿਬ ਵੱਲੋਂ ਸ਼ਹੀਦੀ ਦਿਹਾੜਾ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਤੇ ਦਸਵੀਂ ਵਿਖੇ ਪੂਰਨ ਸ਼ਰਧਾ ਨਾਲ ਮਨਾਇਆ ਗਿਆ। ਅੱਜ ਪਹਿਲਾਂ ਗੁਰਦੁਆਰਾ ਸਾਹਿਬ ਅੰਦਰ ਪਿਛਲੇ ਦੋ ਦਿਨ ਤੋਂ ਪ੍ਰਕਾਸ਼ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਭਾਈ ਗਿਆਨ ਸਿੰਘ ਨੇ ਕੀਤੀ ਗਈ। ਇਸ ਮੌਕੇ ਸਜਾਏ ਗਏ ਧਾਰਮਿਕ ਸਮਾਗਮ ਵਿੱਚ ਸਿੱਖ ਵਿਦਵਾਨਾਂ ਨੇ ਗੁਰੂ ਤੇਗ ਬਹਾਦਰ ਦੀ ਲਸਾਨੀ ਕੁਰਬਾਨੀ ਬਾਰੇ ਸੰਗਤ ਨਾਲ ਗੁਰਮਿਤ ਵਿਚਾਰਾਂ ਦੀ ਸਾਂਝ ਪਾਈ। ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਮਸਤੂਆਣਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਕਾਕਾ ਸਿੰਘ, ਬਾਬਾ ਤੇਜਾ ਸਿੰਘ, ਬਾਬਾ ਚਤਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਕੌਮੀ ਯੂਥ ਆਗੂ ਸਤਿੰਦਰਪਾਲ ਸਿੰਘ ਸਿੱਧੂ, ਯਾਦਵਿੰਦਰ ਸਿੰਘ ਭਾਗੀਵਾਂਦਰ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਆਦਿ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

ਪਵਿੱਤਰ ਸ਼ਹਿਰ ਵਜੋਂ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਮੰਗ

ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਹੋਏ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਣ ਦੇ ਮਤੇ ਦਾ ਜਿੱਥੇ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਉੱਥੇ ਇਹ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਕੀ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ ਜਾਂ ਐਲਾਨ ਹੀ ਰਹਿ ਜਾਵੇਗਾ? ਇੱਥੇ ਦੱਸਣਯੋਗ ਹੈ ਕਿ ਬੇਅੰਤ ਸਰਕਾਰ ਨੇ ਵੀ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਕਰਾਰ ਦੇ ਕੇ ਇੱਥੇ ਤੰਬਾਕੂ, ਸ਼ਰਾਬ, ਮੀਟ ਅਤੇ ਤੋਂ ਵਰਜਿਤ ਵਸਤਾਂ ਦੀ ਵਿਕਰੀ ’ਤੇ ਇੱਕ ਵਾਰ ਰੋਕ ਲਾਈ ਸੀ ਪਰ ਹੌਲੀ-ਹੌਲੀ ਇਸ ਪਵਿੱਤਰ ਸ਼ਹਿਰ ਦਾ ਘੇਰਾ ਸਮੇਂ ਦੀਆਂ ਸਰਕਾਰਾਂ ਦੇ ਸਵੱਲੀ ਨਿਗਾਹ ਨਾਲ ਐਨਾ ਸੁੰਗੜ ਗਿਆ ਕਿ ਸ਼ਰਾਬ, ਤੰਬਾਕੂ ਆਦਿ ਸ਼ਹਿਰ ਦੇ ਹਰ ਗਲੀ ਮੁਹੱਲੇ ਸ਼ਰ੍ਹੇਆਮ ਵਿਕ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਸ਼ਹਿਰ ਵਿੱਚ ਖੋਲ੍ਹੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਲਈ ਉਨ੍ਹਾਂ ਨੂੰ ਕਈ ਵਾਰ ਸੰਘਰਸ਼ ਵੀ ਕਰਨਾ ਪਿਆ। ਉਨ੍ਹਾਂ ਕਿਹਾ ਕਿ ਦਮਦਮਾ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਦੇ ਫੈਸਲਾ ਇੱਕ ਸ਼ਲਾਘਾਯੋਗ ਕਦਮ ਹੈ ਪਰ ਅੱਗੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਹੀ ਪਿਛਲੇ ਡੇਢ ਕੁ ਸਾਲ ਤੋਂ ਤਲਵੰਡੀ ਸਾਬੋ ਸ਼ਹਿਰ ਵਿੱਚ ਵੜ੍ਹਦੇ ਰਸਤਿਆਂ ’ਤੇ ਖੁੱਲ੍ਹੇ ਸ਼ਰਾਬ ਦੇ ਠੇਕੇ ਇੱਥੇ ਆਉਣ ਵਾਲਿਆਂ ਦਾ ਸਵਾਗਤ ਕਰਦੇ ਹਨ ਜਦ ਕਿ ਤੰਬਾਕੂ, ਮੀਟ ਆਦਿ ਵਰਜਿਤ ਵਸਤਾਂ ਦੀ ਵਿਕਰੀ ਵੀ ਸ਼ਰੇਆਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਦੇਖਣਾ ਇਹ ਹੈ ਕਿ ਕੀ ਮਾਨ ਸਰਕਾਰ ਇਸ ਐਲਾਨ ਨੂੰ ਅਮਲੀ ਜਾਮਾ ਕਦੋਂ ਪਹਿਨਾਉਂਦੀ ਹੈ?

Advertisement
Show comments