ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 20 ਅਪਰੈਲ
ਸੰਸਦ ਆਦਰਸ਼ ਗ੍ਰਾਮ ਯੋਜਨਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਅਤੇ ਰਾਮੇਆਣਾ ਨੂੰ ਸਰਬਪੱਖੀ ਵਿਕਾਸ ਲਈ ਚੁਣਿਆ ਗਿਆ ਹੈ। ਇਸ ਸਬੰਧੀ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕੇਂਦਰੀ ਟੀਮ ਦੇ ਮੈਂਬਰ ਅਤੇ ਸਬੰਧਿਤ ਪੰਚਾਇਤਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਸੰਸਦ ਮੈਂਬਰ ਨੇ ਦੱਸਿਆ ਕਿ ਪਿੰਡ ਚਹਿਲ ਅਤੇ ਰਾਮੇਆਣਾ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਐਂਡ ਪੰਚਾਇਤ ਹੈਦਰਾਬਾਦ ਦੀ 3 ਮੈਂਬਰੀ ਟੀਮ ਨੂੰ ਸਰਵੇ ਲਈ ਭੇਜਿਆ ਗਿਆ ਸੀ। ਇਸ ਟੀਮ ਵੱਲੋਂ ਪਿਛਲੇ 15 ਦਿਨਾਂ ਤੋਂ ਦੋਨਾਂ ਪਿੰਡਾਂ ਦਾ ਸਰਵੇ ਕੀਤਾ ਗਿਆ ਸੀ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦਾ ਵੇਰਵਾ ਇੱਕਠਾ ਕੀਤਾ ਹੈ।