ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ
ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਪੰਜਾਬ ਵਿਧਾਨ ਸਭਾ ਵੱਲੋਂ ਬਣਾਈ ਗਈ ਕਮੇਟੀ ਦੇ ਚੇਅਰਮੈਨ ਨੱਥੂ ਰਾਮ, ਵਿਧਾਇਕ ਬੱਲੂਆਣਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿੱਚ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ, ਐੱਸਡੀਐੱਮ ਮੁਕਤਸਰ, ਮਲੋਟ ਤੇ ਗਿੱਦੜਬਾਹਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਚੇਅਰਮੈਨ ਨੇ ਅਨੁਸੂਚਿਤ ਜਾਤੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਰਗ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਇਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੋਈ ਅਧਿਕਾਰੀ ਇਸ ਵਰਗ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਪੰਜਾਬ ਦੇ ਆਗੂ ਦਲਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਵਜ਼ੀਫਾ, ਪੈਨਸ਼ਨ, ਸੱਟ ਵੱਜਣ ’ਤੇ ਡਾਕਟਰੀ ਸਹਾਇਤਾ, ਮੌਤ ਹੋਣ ’ਤੇ ਵਾਰਸਾਂ ਨੂੰ ਮਿਲਣ ਵਾਲੀ ਸਹਾਇਤਾ ਪਿਛਲੇ ਤਿੰਨ ਸਾਲਾਂ ਤੋਂ ਨਹੀਂ ਮਿਲੀ। ਕਰੋਨਾ ਮਹਾਮਾਰੀ ਦੌਰਾਨ ਲਾਭਪਾਤਰੀਆਂ ਲਈ ਐਲਾਨੇ 6000 ਰੁਪਏ ਵੀ ਬਹੁਤੇ ਲਾਭਪਾਤਰੀਆਂ ਨੂੰ ਨਹੀਂ ਦਿੱਤੇ ਗਏ। ਉਨ੍ਹਾਂ ਨੇ ਮੰਗਾਂ ਦੀ ਜਲਦੀ ਪੂਰਤੀ ਦੀ ਮੰਗ ਕੀਤੀ।