ਪਰਸ਼ੋਤਮ ਬੱਲੀ
ਬਰਨਾਲਾ, 17 ਮਈ
ਖੇਤੀ ਕਾਨੂੰਨਾਂ ਖਿਲਾਫ਼ ਸੰਯੁੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਬਰਨਾਲਾ ’ਤੇ 229 ਦਿਨਾਂ ਤੋਂ ਡਟੇ ਕਿਸਾਨਾਂ ਨੇ ਅੱਜ ਜਿੱਥੇ ਹਰਿਆਣਾ ਪੁਲੀਸ ਵੱਲੋਂ ਹਿਸਾਰ ਵਿੱਚ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ ਕੀਤੀ, ਉੱਥੇ ਹੀ ਸ਼ਹਿਰ ਦੇ ਸਦਰ ਬਾਜ਼ਾਰ ਵਿੱਚ ਇੱਕ ਘੰਟੇ ਦਾ ਟਰੈਫਿਕ ਰੋਕੂ ਸੰਕੇਤਕ ਧਰਨਾ ਲਗਾ ਕੇ ਹਰਿਆਣਾ ਤੇ ਕੇਂਦਰੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੁੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਘਿਰਾਓ ਕਰਨ ਦੇ ਸਪੱਸ਼ਟ ਐਲਾਨ ਤੇ ਪ੍ਰੋਗਰਾਮ ਦੇ ਬਾਵਜੂਦ ਭਾਪਜਾ ਆਗੂ ਜਨਤਕ ਪ੍ਰੋਗਰਾਮਾਂ ਵਿੱਚ ਬੇਲੋੜੀ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੇ ਹਨ|
ਅੱਜ ਦੇ ਬੁਲਾਰਿਆਂ ‘ਚ ਗੁੁਰਦੇਵ ਸਿੰਘ ਮਾਂਗੇਵਾਲ, ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਸਰਪੰਚ ਗੁੁਰਚਰਨ ਸਿੰਘ ਸੁੁਰਜੀਤਪੁੁਰਾ, ਮਨਜੀਤ ਰਾਜ, ਬਲਜੀਤ ਸਿੰਘ ਚੌਹਾਨਕੇ, ਚਰਨਜੀਤ ਕੌਰ ਤੇ ਅਮਰਜੀਤ ਕੌਰ ਸ਼ਾਮਲ ਸਨ।
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲੀਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ, ਅਥਰੂ ਗੈਸ ਦੇ ਗੋਲੇ ਛੱਡਣ ਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।
ਮਹਿਲ ਕਲਾਂ (ਨਵਕਿਰਨ ਸਿੰਘ): ਹਰਿਆਣਾ ਪੁਲੀਸ ਵੱਲੋਂ ਹਿਸਾਰ ਵਿੱਚ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਖਿਲਾਫ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮਹਿਲ ਕਲਾਂ ਵਿੱਚ ਕਿਸਾਨਾਂ ਵੱਲੋਂ ਇੱਕ ਘੰਟਾ ਬਰਨਾਲਾ ਲੁਧਿਆਣਾ ਮੁੱਖ ਮਾਰਗ ਜਾਮ ਕਰਕੇ ਨਰਿੰਦਰ ਮੋਦੀ ਤੇ ਮਨੋਹਰ ਲਾਲ ਖੱਟਰ ਨਾਅਰੇਬਾਜ਼ੀ ਕੀਤੀ ਗਈ। ਅੱਜ ਧਰਨੇ ਨੂੰ ਕਿਸਾਨ ਆਗੂ ਮਲਕੀਤ ਸਿੰਘ ਈਨਾ, ਸ਼ਮਸ਼ੇਰ ਸਿੰਘ ਹੁੰਦਲ, ਜੱਗਾ ਸਿੰਘ ਛਾਪਾ, ਦਰਸ਼ਨ ਸਿੰਘ ਉੱਗੋਕੇ ਤੇ ਗੁਰਮੇਲ ਠੁੱਲੀਵਾਲ ਨੇ ਸੰਬੋਧਨ ਕੀਤਾ।
ਜ਼ੀਰਾ (ਹਰਮੇਸ਼ ਪਾਲ ਨੀਲੇਵਾਲ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਹੇਠ ਰਿਲਾਇੰਸ ਪੰਪ ਵਲੂਰ ’ਤੇ ਲਗਾਇਆ ਗਿਆ ਦਿਨ- ਰਾਤ ਦਾ ਧਰਨਾ 230ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਗਿੱਲ ਅਤੇ ਪ੍ਰਧਾਨ ਪ੍ਰਧਾਨ ਮਰਖਾਈ ਨੇ ਕਿਹਾ ਕਿ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅਥਾਹ ਵਾਧਾ ਹੋ ਰਿਹਾ ਹੈ, ਤੇਲ ਦੀਆਂ ਵਧ ਰਹੀਆਂ ਕੀਮਤਾਂ ਨੇ ਆਮ ਜਨਤਾ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ, ਜਨਤਾ ਤਾਂ ਪਹਿਲਾਂ ਹੀ ਕਰੋਨਾ ਕਰਕੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀ ਹੈ।
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬੈਸਟ ਪ੍ਰਾਈਜ਼ ਮਾਲ ਅਤੇ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਲਗਾਏ ਮੋਰਚੇ 229ਵੇਂ ਦਿਨ ਵੀ ਜਾਰੀ ਰਹੇ। ਇਸ ਮੌਕੇ ਔਰਤ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਲਹਿਰਾ, ਅਜਮੇਰ ਸਿੰਘ ਚੱਕ, ਮੰਦਰ ਸਿੰਘ ਨਾਗਰਾ ਅਤੇ ਗੁਰਮੇਲ ਸਿੰਘ ਨਥਾਣਾ ਨੇ ਹਰਿਆਣਾ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ।
ਸਿਰਸਾ (ਪ੍ਰਭੂ ਦਿਆਲ): ਹਿਸਾਰ ’ਚ ਬੀਤੇ ਦਿਨ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਵਿਰੁੱਧ ਕਿਸਾਨਾਂ ਨੇ ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ।
ਭਾਜਪਾ ’ਤੇ ਬਲਦੀ ਉਤੇ ਤੇਲ ਪਾਉਣ ਦੇ ਦੋਸ਼
ਬਰਨਾਲਾ (ਰਵਿੰਦਰ ਰਵੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾਂ ਨੇ ਧਨੌਲਾ ਨਜ਼ਦੀਕ ਬਡਬਰ ਟੌਲ ਪਲਾਜ਼ਾ ’ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਚੱਲ ਰਹੇ ਮੋਰਚੇ ਦੇ 229ਵੇਂ ਦਿਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨ ਹਰਿਆਣਾ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਬੁਖਲਾਹਟ ਵਿੱਚ ਆ ਗਈ ਹੈ ਤੇ ਮੋਦੀ ਹਕੂਮਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਭਾਜਪਾ ਆਗੂਆਂ ਨੂੰ ਜਾਣ ਬੁੱਝ ਕੇ ਜਨਤਕ ਥਾਵਾਂ ’ਤੇ ਭੇਜ ਕੇ ਕਿਸਾਨਾਂ ਦੇ ਵਧ ਰਹੇ ਗੁੱਸੇ ਉਪਰ ਬਲਦੀ ’ਤੇ ਤੇਲ ਪਾਉਣ ਦਾ ਕੰਮ ਕਰ ਰਹੀ ਹੈ। ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਬਲਵਿੰਦਰ ਸਿੰਘ ਕਾਲਾਬੂਲਾ, ਭੋਲਾ ਸਿੰਘ ਠੁੱਲੀਵਾਲ, ਕੁਲਜੀਤ ਸਿੰਘ ਵਜੀਦਕੇ, ਹਰਜੀਤ ਸਿੰਘ ਦੀਵਾਨਾ, ਦਰਸ਼ਨ ਸਿੰਘ ਭੈਣੀ ਮਹਿਰਾਜ ਮੌਜੂਦ ਸਨ।