ਪਵਨ ਗੋਇਲ
ਭੁੱਚੋ ਮੰਡੀ, 1 ਫਰਵਰੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਵੱਲੋਂਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਰੂਪਨਗਰ) ਦੇ ਦੋ ਯੂਨਿਟਾਂ ਨੂੰ ਬੰਦ ਕਰਨ ਦੇ ਵਿਰੋਧ ਵਿੱਚ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਜਾਮ ਲਗਾ ਕੇ ਕੇਂਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਕਾਰਨ ਸਮੂਹ ਰਾਜਨੀਤਕ ਪਾਰਟੀਆਂ ਦੇ ਆਗੂ ਲੋਕਾਂ ਦੇ ਘਰ ਵਿੱਚ ਜਾ ਕੇ ਵੋਟਾਂ ਪਾਉਣ ਦੀ ਅਪੀਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂਂ ਕੇਂਂਦਰ ਸਰਕਾਰ ਦੀਆਂਂ ਸਾਮਰਾਜ ਪੱਖੀ ਨੀਤੀਆਂਂ ਨੂੰ ਲਾਗੂ ਕਰਦੇ ਹੋਏ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟਾਂ ਨੂੰ ਬੰਦ ਕਰਨ ਦੇ ਹੁਕਮ ਸੁਣਾ ਦਿੱਤੇ ਗਏ ਹਨ। ਇਸੇ ਤਰਾਂ 2017 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਮੁਕੰਮਲ ਬੰਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਥਰਮਲਾਂ ਦਾ ਭੋਗ ਪਾਕੇ ਨਿੱਜੀ ਕਾਰੋਬਾਰੀਆਂਂ ਨੂੰ ਲਾਭ ਪਹੁੰਚਾਉਣ ਦੀ ਮਨਸਾ ਨਾਲ ਅਜਿਹੇ ਫੈਸਲੇ ਥੋਪੇ ਜਾ ਰਹੇ ਹਨ। ਇਸ ਨਾਲ ਹਜ਼ਾਰਾਂ ਪੱਕੇ ਰੁਜ਼ਗਾਰਾਂ ਦਾ ਭੋਗ ਪੈ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਥਰਮਲਾਂ ਦੇ ਬੰਦ ਹੋਣ ਨਾਲ ਆਲੇ ਦੁਆਲੇ ਆਪਣੇ ਕਾਰੋਬਾਰ ਚਲਾ ਰਹੇ ਛੋਟੇ ਦੁਕਾਨਦਾਰ ਵੀ ਬੇਰੁਜ਼ਗਾਰੀ ਵੱਲ ਧੱਕੇ ਜਾਣਗੇ। ਉਨ੍ਹਾਂ ਹੋਰਨਾਂ ਰਾਜਨੀਤਕ ਦਲਾਂ ਦੀ ਵੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਸਾਰੇ ਹੀ ਥਰਮਲਾਂ ਦੇ ਉਜਾੜੇ ਨੂੰ ਰੋਕਣ ਦੀ ਥਾਂ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀਕਰਨ ਖ਼ਿਲਾਫ਼ ਅਤੇ ਪੱਕੇ ਰੁਜ਼ਗਾਰ ਲਈ ਸੰਘਰਸ਼ਾਂ ਦੇ ਰਾਹ ਪੈਣ।