ਰਮਨਦੀਪ ਸਿੰਘ
ਚਾਉਕੇ, 12 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੀ ਕੀਤੀ ਵਾਅਦਾਖ਼ਿਲਾਫ਼ੀ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਅੱਜ ਪਿੰਡ ਜੇਠੂਕੇ ਵਿੱਚ ਰੇਲਾਂ ਦਾ ਚੱਕਾ ਜਾਮ ਕਰਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਸੈਂਕੜਿਆਂ ਦੀ ਗਿਣਤੀ ’ਚ ਪਹੁੰਚੇ ਮਜ਼ਦੂਰਾਂ ਸਣੇ ਔਰਤਾਂ ਦੇ ਇਕੱਠ ਨੇ ਚੰਨੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਜੈਤੋ (ਸ਼ਗਨ ਕਟਾਰੀਆ) ਮਜ਼ਦੂਰ ਸੰਗਠਨਾਂ ਦੇ ਸੱਦੇ ’ਤੇ ਪੰਜਾਬ ਭਰ ’ਚ ਕੁੱਲ ਅੱਠ ਥਾਵਾਂ ’ਤੇ ਰੇਲਾਂ ਦੇ ਕੀਤੇ ਗਏ ਚੱਕਾ ਜਾਮ ਤਹਿਤ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 12 ਤੋਂ 4 ਵਜੇ ਤੱਕ ਰੇਲਵੇ ਲਾਈਨਾਂ ’ਤੇ ਧਰਨਾ ਦੇ ਕੇ ਰੇਲਾਂ ਰੋਕੀਆਂ ਗਈਆਂ।
ਇਥੇ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਨੰਗਲ, ਅੰਗਰੇਜ਼ ਸਿੰਘ ‘ਗੋਰਾ ਮੱਤਾ’, ਸਿਕੰਦਰ ਅਜਿੱਤਗਿੱਲ, ਬਲਬੀਰ ਸਿੰਘ ਔਲਖ, ਕਿਸਾਨ ਆਗੂਆਂ ਨਾਇਬ ਸਿੰਘ ਭਗਤੂਆਣਾ, ਸਰਮੁਖ ਸਿੰਘ ਅਜਿੱਤਗਿੱਲ ਤੇ ਜਸਪਾਲ ਸਿੰਘ ਨੰਗਲ ਨੇ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਵਾਪਿਸ ਲੈਣ ਦੀ ਮੰਗ ਕੀਤੀ।
ਰਾਮਪੁਰਾ ਫੂਲ (ਪੱਤਰ ਪ੍ਰੇਰਕ) ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਫਰੰਟ ਦੇ ਸੱਦੇ ਤਹਿਤ ਕਰਾਂਤੀਕਾਰੀ ਪੇਂਡੂ ਮਜ਼ਦੂਰ ਜਥੇਬੰਦੀ ਪੰਜਾਬ ਵੱਲੋਂ ਰਾਮਪੁਰਾ ਫੂਲ ਰੇਲਵੇ ਸਟੇਸ਼ਨ ’ਤੇ 12 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਚੱਕਾ ਜਾਮ ਕੀਤਾ ਗਿਆ। ਜਾਮ ਵਿੱਚ ਕਿਰਤੀ ਲੋਕ ਪਰਿਵਾਰਾਂ ਸਮੇਤ ਸ਼ਾਮਲ ਹੋਏ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਆਖਿਆ ਕਿ 23 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਉੱਚ ਅਧਿਕਾਰੀਆਂ ਸਮੇਤ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਕੀਤੇ ਫੈਸਲਿਆਂ ਨੂੰ ਲਾਗੂ ਨਾ ਕਰਨ ’ਤੇ ਸਖਤ ਰੋਸ ਹੈ। ਮਜ਼ਦੂਰ ਜਥੇਬੰਦੀ ਦੇ ਆਗੂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦੌਰਾਨ ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਬਿਜਲੀ ਦੇ ਪੁੱਟੇ ਮੀਟਰ, ਸਰਚਾਰਜ ਤੇ ਜੁਰਮਾਨੇ ਖ਼ਤਮ ਕਰਕੇ ਬਿਨਾਂ ਸ਼ਰਤ ਮੀਟਰ ਜੋੜਨ ਤੇ ਰਾਸ਼ਨ ਡਿਪੂਆਂ ਉਤੇ ਕੰਟਰੋਲ ਰੇਟ ’ਤੇ ਕਣਕ ਤੋਂ ਇਲਾਵਾ ਦਾਲ, ਖੰਡ ਤੇ ਚਾਹ ਪੱਤੀ ਸਮੇਤ ਹੋਰ ਜ਼ਰੂਰੀ ਵਸਤਾਂ ਦੇਣ ਆਦਿ ਦੇ ਕੀਤੇ ਫੈਸਲਿਆਂ ਸਬੰਧੀ ਤੁਰੰਤ ਲਿਖਤੀ ਪੱਤਰ ਜਾਰੀ ਕੀਤੇ ਜਾਣ।
ਸੰਗਤ ਮੰਡੀ (ਧਰਮਪਾਲ ਸਿੰਘ ਤੂਰ) ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਅੱਜ ਸੰਗਤ ਵਿੱਚ ਸੈਂਕੜੇ ਮਜ਼ਦੂਰ ਮਰਦ ਔਰਤਾਂ ਵੱਲੋਂ ਅੱਜ 12 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਕੇ ਕਿਰਤ ਕਾਨੂੰਨਾਂ ’ਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਵਾਪਸ ਲੈਣ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟਣ ਵਿਰੁੱਧ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਲਛਮਣ ਸਿੰਘ ਸੇਵੇਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ ਤੋਂ ਇਲਾਵਾ ਮਿੱਠੂ ਸਿੰਘ ਘੁੱਦਾ ਤੇ ਕਾਲਾ ਸਿੰਘ ਖੂਨਣ ਖੁਰਦ, ਕਾਲਾ ਸਿੰਘ ਸਿੰਘੇਵਾਲਾ ਨੇ ਸੰਬੋਧਨ ਕੀਤਾ।