ਪੱਤਰ ਪ੍ਰੇਰਕ
ਫਤਹਿਗੜ੍ਹ ਪੰਜਤੂਰ, 17 ਫਰਵਰੀ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਗ਼ਰੀਬੀ ਖ਼ਤਮ ਕਰਨ ਲਈ ਰੇਤ ਮਾਫ਼ੀਆ ਨੂੰ ਸਰਪ੍ਰਸਤੀ ਦਿੱਤੀ ਸੀ। ਲੰਘੀ ਦੇਰ ਸ਼ਾਮ ਧਰਮਕੋਟ ਦੀ ਅਨਾਜ ਮੰਡੀ ਵਿੱਚ ਪਾਰਟੀ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਇੱਕ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਉਮਰ ਭਰ ਦੀ ਗ਼ਰੀਬੀ ਨੂੰ ਦੂਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਬਸਪਾ ਗੱਠਜੋੜ ਸਰਕਾਰ ਆਉਣ ’ਤੇ ਰੇਤ ਮਾਫੀਏ ਸਮੇਤ ਕਾਂਗਰਸ ਸਰਕਾਰ ਦੇ ਮੰਤਰੀਆਂ ਤੇ ਸੰਤਰੀਆਂ ਵੱਲੋਂ ਵੱਡੇ ਪੱਧਰ ਤੇ ਫੈਲਾਏ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਜੋ ਵਾਅਦੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਹਨ ਉਨ੍ਹਾਂ ਨੂੰ ਸਰਕਾਰ ਬਣਦਿਆਂ ਹੀ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਦੂਹਰੇ ਮਾਪਦੰਡ ਅਪਣਾਏ ਹੋਏ ਹਨ, ਇੱਕ ਪਾਸੇ ਹੋਰਨਾਂ ਰਾਜਾਂ ਤੋਂ ਮਿਲ ਰਹੇ ਪਾਣੀਆਂ ਦਾ ਦਿੱਲੀ ਸਰਕਾਰ ਮੁਆਵਜ਼ਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਥੋਂ ਦੇ ਹਲਕਾ ਵਿਧਾਇਕ ਨੇ ਹਲਕੇ ਦਾ ਵਿਕਾਸ ਕਰਵਾਉਣ ਦੀ ਥਾਂ ਆਪਣਾ ਹੀ ਵਿਕਾਸ ਕਰੀ ਰੱਖਿਆ ਹੈ। ਉਨ੍ਹਾਂ ਵਿਕਾਸ ਕਾਰਜਾਂ ਲਈ ਜਥੇਦਾਰ ਤੋਤਾ ਸਿੰਘ ਦੀ ਸ਼ਲਾਘਾ ਕੀਤੀ।