ਨਿਜੀ ਪੱਤਰ ਪ੍ਰੇਰਕ
ਮੋਗਾ, 29 ਮਾਰਚ
ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਮਿੱਡ-ਡੇਅ ਮੀਲ, ਆਂਗਣਵਾੜੀ ਤੇ ਰਾਸ਼ਨ ਡਿਪੂਆਂ, ਸਕੂਲਾਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਡਿਪੂਆਂ ਵਿੱਚ ਮਿਲ ਰਹੇ ਰਾਸ਼ਨ, ਸਕੂਲਾਂ ਵਿੱਚ ਲਾਭਪਾਤਰੀਆਂ ਨੂੰ ਮਿਡ-ਡੇਅ ਮੀਲ ਤੇ ਆਂਗਣਵਾੜੀ ਕੇਂਦਰ ਵਿੱਚ ਦਿੱਤੇ ਜਾ ਰਹੇ ਲਾਭਾਂ ਸਬੰਧੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੰਡ ਕਰਨ ਲਈ ਆਖਿਆ।
ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ ਅੱਜ ਸਥਾਨਕ ਰੈਸਟ ਹਾਊਸ ’ਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਕਿਹਾ ਕਿ ਦੇਸ਼ ਵਿੱਚ ਲਾਗੂ ਕੀਤੇ ਗਏ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਹੀ ਉਹ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕਰਨ ਲਈ ਪਹੁੰਚੇ ਹਨ। ਭਵਿੱਖ ਵਿੱਚ ਵੀ ਅਜਿਹੇ ਦੌਰੇ ਤੇ ਚੈਕਿੰਗ ਜਾਰੀ ਰਹੇਗੀ। ਇਸ ਤੋਂ ਪਹਿਲਾਂ ਮੀਟਿੰਗ ਵਿੱਚ ਜ਼ਿਲ੍ਹਾ ਮੋਗਾ ’ਚ ਅਨਾਜ ਦੀ ਵੰਡ ਦੇ ਕੰਮਕਾਜ, ਮਿੱਡ ਡੇ ਮੀਲ, ਆਂਗਣਵਾੜੀ ਸਕੀਮਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਕੀਤਾ ਗਿਆ। ਉਨ੍ਹਾਂ ਆਦੇਸ਼ ਦਿੱਤਾ ਕਿ ਡਿਪੂਆਂ ਵਿੱਚ ਮਿਲ ਰਹੇ ਰਾਸ਼ਨ, ਸਕੂਲਾਂ ਵਿੱਚ ਲਾਭਪਾਤਰੀਆਂ ਨੂੰ ਮਿਡ-ਡੇਅ ਮੀਲ ਤੇ ਆਂਗਣਵਾੜੀ ਕੇਂਦਰ ਵਿੱਚ ਦਿੱਤੇ ਜਾ ਰਹੇ ਲਾਭਾਂ ਸਬੰਧੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੰਡ ਕੀਤੀ ਜਾਵੇ।