ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਰੁਨੇਸ਼ ਕੁਮਾਰ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਸੀਨੀਅਰ ਪੁਲੀਸ ਕਪਤਾਨ ਅਮਨੀਤ ਕੌਂਡਲ ਵੱਲੋਂ ਅੱਜ ਇੱਥੇ ਕੇਂਦਰੀ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਡੀਆਈਜੀ ਹਰਜੀਤ ਸਿੰਘ ਨੇ ਕਿਹਾ ਕਿ ਅਚਨਚੇਤ ਚੈਕਿੰਗ ਦਾ ਮੁੱਖ ਮੰਤਵ ਜੇਲ੍ਹਾਂ ਵਿੱਚ ਨਸ਼ਿਆਂ ਅਤੇ ਹੋਰ ਗ਼ੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਸੁਰੱਖਿਆ ਪ੍ਰਬੰਧ ਚੁਸਤ ਕਰਨ ਅਤੇ ਅਣਚਾਹੀਆਂ ਘਟਨਾਵਾਂ ਨੂੰ ਟਾਲਣਾ ਹੈ। ਇਸ ਦੌਰਾਨ ਐੱਸਐੱਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਸਿਵਲ ਅਤੇ ਪੁਲੀਸ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਨਸ਼ੇ ਦੀ ਰੋਕਥਾਮ ਲਈ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸਿਵਲ ਤੇ ਪੁਲੀਸ ਵਿਭਾਗ ਵੱਲੋਂ ਨਸ਼ੇ ਦੀ ਰੋਕਥਾਮ ਲਈ ਇਹ ਕਾਰਵਾਈ ਵੀ ਜਾਰੀ ਵੱਖ-ਵੱਖ ਸਰਗਰਮੀਆਂ ਦਾ ਹੀ ਹਿੱਸਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇ ਤੁਹਾਡੇ ਆਲੇ-ਦੁਆਲੇ ਕੋਈ ਤਸਕਰ ਨਸ਼ਾ ਵੇਚਦਾ ਹੈ, ਤਾਂ ਪੁਲੀਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ’ਤੇ ਸੂਚਨਾ ਦੇ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦੇ ਆਪਣੇ ਫ਼ਰਜ਼ ਦੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਵਾਅਦਾ ਕੀਤਾ ਕਿ ਅਜਿਹੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਨਾਮ ਗੁਪਤ ਰੱਖਿਆ ਜਾਵੇਗਾ। ਇਸ ਤਲਾਸ਼ੀ ਮੁਹਿੰਮ ਵਿੱਚ ਪੁਲੀਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।