Cheema’s ‘Anti-State’ Remark: ਚੀਮਾ ਦੇ ਬਿਆਨ ਤੋਂ ਖ਼ਫ਼ਾ ਮੁਲਾਜ਼ਮਾਂ ਵੱਲੋਂ ਰੈਲੀਆਂ
ਭਲਕੇ ਵਿੱਤ ਮੰਤਰੀ ਦਾ ਪੁਤਲਾ ਫੂਕਣ ਅਤੇ 17-18 ਅਗਸਤ ਨੂੰ ਕਲਮ ਛੋੜ ਹੜਤਾਲ ਦਾ ਐਲਾਨ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ‘ਐਂਟੀ ਸਟੇਟ’ (ਸੂਬਾ ਵਿਰੋਧੀ) ਆਖਣ ਖ਼ਿਲਾਫ਼ ਜ਼ਿਲ੍ਹਾ ਮਾਨਸਾ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਇਸ ਦੇ ਵਿਰੋਧ ਵਿੱਚ ਸਿਵਲ ਸਰਜਨ ਦਫ਼ਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਇਕੱਠੇ ਹੋ ਕੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਵੱਲੋਂ ਤਿਰੰਗਾ ਲਹਿਰਾਉਂਦਿਆਂ ਵੰਦੇ ਮਾਤਰਮ ਅਤੇ ਭਾਰਤ ਮਾਤਾ ਕੀ ਜੈ ਅਤੇ ਹਿੰਦੋਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਆਗੂ ਪ੍ਰਤਾਪ ਸਿੰਘ ਖੁਡਾਲ ਨੇ ਕਿਹਾ ਕਿ ਆਪਣੀਆਂ ਜਾਇਜ਼ ਅਤੇ ਲਟਕਦੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ਨੂੰ ਐਂਟੀ ਸਟੇਟ ਗਰਦਾਨਣਾ ਸੂਬਾ ਸਰਕਾਰ ਦੀ ਬੌਖਲਾਹਟ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ, ਪੇਅ ਕਮਿਸ਼ਨ ਦੇ ਬਕਾਏ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਡੀ ਏ ਅਤੇ ਭੱਤਿਆਂ ਦੀ ਬਹਾਲੀ ਵਰਗੀਆਂ ਮੰਨੀਆਂ ਮੰਗਾਂ ਤੋਂ ਭੱਜ ਰਹੀ ਹੈ। ਇਸ ਦੌਰਾਨ ਡੀ ਸੀ ਦਫ਼ਤਰੀ ਐਪਲਾਈਜ਼ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਜੇ ਵਿੱਤ ਮੰਤਰੀ ਨੇ ਆਪਣੇ ਸ਼ਬਦ ਤੁਰੰਤ ਵਾਪਸ ਨਾ ਲਏ ਤਾਂ ਉਨ੍ਹਾਂ ਵੱਲੋਂ 13 ਅਗਸਤ ਨੂੰ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ ਤੇ ਜੇ 15 ਅਗਸਤ ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ 17 ਅਤੇ 18 ਅਗਸਤ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਹਰਵਿੰਦਰ ਸਿੰਘ ਬਿੱਟੂ, ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ, ਰਾਕੇਸ਼ ਕੁਮਾਰ, ਵਿਸ਼ਾਲ ਕੁਮਾਰ, ਹਰਪ੍ਰੀਤ ਕੌਰ ਤੇ ਕਰਮਜੀਤ ਕੌਰ ਵੀ ਮੌਜੂਦ ਸਨ।
ਹੱਥਾਂ ’ਚ ਤਿਰੰਗੇ ਲੈ ਕੇ ਦੇਸ਼ ਭਗਤੀ ਦੇ ਨਾਅਰੇ ਲਾਏ
ਬਰਨਾਲਾ (ਪਰਸ਼ੋਤਮ ਬੱਲੀ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬੋਲਾਂ ਤੋਂ ਖਫ਼ਾ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਇਕੱਠੇ ਹੋ ਕੇ ਦੇਸ਼ ਭਗਤੀ ਦੇ ਨਾਅਰੇ ਲਾਏ ਗਏ। ਉਨ੍ਹਾਂ ਵਿੱਤ ਮੰਤਰੀ ਨੂੰ ਭਲਕ ਤੱਕ ਦਾ ਮੁਆਫ਼ੀ ਮੰਗਣ ਲਈ ਅਲਟੀਮੇਟਮ ਵੀ ਦਿੱਤਾ। ਮੁਲਾਜ਼ਮ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਨੇ ਕਿਹਾ ਕਿ ਸੂਬਾ ਭਰ ਵਿੱਚ ਗੇਟ ਰੈਲੀਆਂ ਕਰ ਕੇ ਦੇਸ਼ ਭਗਤੀ ਦੇ ਕੀਤੇ ਪ੍ਰਗਟਾਵੇ ਰਾਹੀਂ ਵਿੱਤ ਮੰਤਰੀ ਨੂੰ ਜਵਾਬ ਦਿੱਤਾ ਗਿਆ ਹੈ। ਅੱਜ ਡੀ ਸੀ ਕੰਪਲੈਕਸ ਬਰਨਾਲਾ ਵਿੱਚ ਸਮੂਹ ਦਫ਼ਤਰਾਂ ਦੇ ਮਨਿਸਟਰੀਅਲ ਕਾਮਿਆਂ ਨੇ ਹੱਥਾਂ ਵਿੱਚ ਤਿਰੰਗੇ ਝੰਡੇ ਫੜ ਕੇ ‘ਵੰਦੇ ਮਾਤਰਮ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ ਰਵਿੰਦਰ ਸ਼ਰਮਾ ਜਨਰਲ ਸਕੱਤਰ ਅਤੇ ਨਿਰਮਲਜੀਤ ਸਿੰਘ ਚਾਨੇ ਵਧੀਕ ਜਨਰਲ ਸਕੱਤਰ ਨੇ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇ 12 ਅਗਸਤ ਨੂੰ ਸ਼ਾਮ 6 ਵਜੇ ਤੱਕ ਵਿੱਤ ਮੰਤਰੀ ਮੁਆਫ਼ੀ ਨਹੀਂ ਮੰਗਦੇ ਤਾਂ 13 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਵਿੱਤ ਮੰਤਰੀ ਦੇ ਪੁਤਲੇ ਸਾੜੇ ਜਾਣਗੇ।

