ਮੁੱਖ ਮੰਤਰੀ ਭਗਵੰਤ ਸਿੰਘ ਮਾਨ 2 ਨਵੰਬਰ ਨੂੰ ਸ਼ਹਿਰ ਵਿੱਚ ਸੀਵਰੇਜ ਤੇ ਵਾਟਰ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ।
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤ-2.0 ਪ੍ਰਾਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਸੀਵਰ ਅਤੇ ਵਾਟਰ ਸਪਲਾਈ ਦੇ ਪੁਰਾਣੇ ਸਿਸਟਮ ਵਿੱਚ ਸੁਧਾਰ ਕਰਨ ਅਤੇ ਨਵੇਂ ਏਰੀਏ ਵਿਚ ਸੀਵਰੇਜ ਅਤੇ ਵਾਟਰ ਸਪਲਾਈ ਦੀ ਪਾਈਪਲਾਈਨ ਪਾਉਣ ਲਈ 138.83 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ 2 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਤੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਉਣਗੇ। ਕਾਕਾ ਬਰਾੜ ਸਟੇਡੀਅਮ ’ਚ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡੀ ਸੀ ਅਭਿਜੀਤ ਕਪਲਿਸ਼ ਸਣੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵਾਸਤੇ ਇੱਥੇ ਪਹੁੰਚੇ ਸਨ।
ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸੀਵਰੇਜ ਲਈ 90.68 ਕਰੋੜ ਰੁਪਏ ਅਤੇ ਵਾਟਰ ਸਪਲਾਈ ਲਈ 48.14 ਕਰੋੜ ਰੁਪਏ ਮਨਜ਼ੂਰ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਪੁੱਟੀਆਂ ਜਾਣ ਵਾਲੀਆਂ ਮੇਨ ਸੜਕਾਂ ਅਤੇ ਮਿਉਂਸਪਲ ਕੌਂਸਲ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਇਸੇ ਪ੍ਰਾਜੈਕਟ ਅਧੀਨ 17.15 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਮੁਕੰਮਲ ਹੋਣ ਨਾਲ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਮਿੱਸਆ ਦਾ ਪੱਕਾ ਹੱਲ ਹੋ ਜਾਵੇਗਾ।

