ਮਹਿੰਦਰ ਸਿੰਘ ਰੱਤੀਆਂ
ਮੋਗਾ, 1 ਜੁਲਾਈ
ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਤਹਿਤ ਇਥੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਪਿੰਡ ਡਰੋਲੀ ਭਾਈ ਵਿੱਚ ਬਾਲ ਵਿਆਹ ਰੁਕਾਵਾਇਆ ਹੈ। ਇਥੇ ਲੜਕੀ-ਲੜਕੇ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਕੌਂਸਲਿੰਗ ਕੀਤੀ ਗਈ।
ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਨੇ ਜਨਵਰੀ 2024 ਤੋਂ ਦਸੰਬਰ 2024 ਤੱਕ, ਵਿਭਾਗ ਵੱਲੋਂ ਸਮੇਂ-ਸਿਰ ਕਾਰਵਾਈ ਕਰਕੇ ਕੁੱਲ 42 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ, ਜਦੋਂਕਿ ਜਨਵਰੀ 2025 ਤੋਂ ਮਾਰਚ 2025 ਦੇ ਵਿਚਕਾਰ 16 ਹੋਰ ਮਾਮਲੇ ਰੋਕੇ ਗਏ। ਪਿਛਲੇ 15 ਮਹੀਨਿਆਂ ਵਿੱਚ ਪੰਜਾਬ ਵਿੱਚ ਕੁੱਲ 58 ਬਾਲ ਵਿਆਹ ਰੁਕਵਾਏ ਗਏ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਕਮੇਟੀ ਦੇ ਚੇਅਰਮੈਨ ਡਾ. ਰਾਜੇਸ਼ ਪੁਰੀ ਅਤੇ ਕਮੇਟੀ ਮੈਂਬਰਾਂ ਵੱਲੋਂ ਬੱਚੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕਾਊਂਸਲਿੰਗ ਕੀਤੀ ਕਿ ਬਾਲ ਵਿਆਹ ਕਰਨਾ ਕਾਨੂੰਨਨ ਜੁਰਮ ਹੈ ਅਤੇ ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲਿਆਂ ਤੇ ਬਾਲ ਵਿਆਹ ਰੋਕੂ ਕਾਨੂੰਨ (ਪੀਸੀਐੱਮਏ) ਤਹਿਤ ਐਫਆਈਆਰ. ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਬਚਪਨ ’ਚ ਵਿਆਹ ਦਾ ਰੁਝਾਨ ਜਿਥੇ ਸਮਾਜ ਦੇ ਮੱਥੇ ’ਤੇ ਕਲੰਕ ਹੈ ਉਥੇ ਪਸੰਦ ਦਾ ਜੀਵਨ ਸਾਥੀ ਚੁਣਨ ਦੀ ਆਜ਼ਾਦੀ ਖੋਹ ਲੈਂਦਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਨੇ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਨੂੰ ਪਿੰਡ ਡਰੋਲੀ ਭਾਈ ਵਿਖੇ ਬਾਲ ਵਿਆਹ ਹੋਣ ਦੀ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਟੀਮ ਨੂੰ ਭੇਜ ਕੇ ਰੁਕਵਾ ਦਿੱਤਾ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਚਾਈਲਡ ਹੈਲਪਲਾਈਨ 1098 ਹੈ, ਜਿਸ ’ਤੇ ਗੁਪਤ ਸ਼ਿਕਾਇਤ ਕੀਤੀ ਜਾ ਸਕਦੀ ਹੈ।