ਪੱਤਰ ਪ੍ਰੇਰਕ
ਭੁੱਚੋ ਮੰਡੀ, 20 ਦਸੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵੱਲੋਂ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਅੱਗੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਦਿਨ ਰਾਤ ਦਾ ਅਣਮਿਥੇ ਸਮੇਂ ਲਈ ਲਗਾਇਆ ਮੁਕੰਮਲ ਜਾਮ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਰਾਤ ਸਮੇਂ ਹੱਡ ਚੀਰਵੀਂ ਠੰਢ ਵਿੱਚ ਵੀ ਮੁਲਾਜ਼ਮ, ਬੱਚੇ ਅਤੇ ਔਰਤਾਂ ਡਟੀਆਂ ਰਹੀਆਂ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਵਿੱਚ ਇਨਲਿਟਸਮੈਂਟ, ਆਊਟਸੋਰਸਡ, ਕੰਪਨੀਆਂ, ਸੁਸਾਇਟੀਆਂ, ਠੇਕੇਦਾਰਾਂ ਅਤੇ ਕੇਂਦਰੀ ਸਕੀਮਾਂ ਅਧੀਨ ਕੰਮ ਕਰਦੇ ਹਰ ਤਰ੍ਹਾਂ ਦੇ ਕੱਚੇ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ, ਠੇਕਾ ਆਧਾਰਤ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਸ਼ਾਮਲ ਕੀਤਾ ਜਾਵੇ ਤੇ ਬਰਾਬਰ ਕੰਮ-ਬਰਾਬਰ ਤਨਖਾਹ ਦਾ ਨਿਯਮ ਲਾਗੂ ਕੀਤਾ ਜਾਵੇ, ਜਾਮ ਕਾਰਨ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਝੱਲਣੀ ਪਈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਭਰੋਸੇ ਅਨੁਸਾਰ 21 ਦਸੰਬਰ ਤੱਕ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ, ਤਾਂ ਜਾਮ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ, ਜਗਸੀਰ ਸਿੰਘ ਭੰਗੂ , ਅਮਿ੍ਰਤਪਾਲ ਸਿੰਘ ਕੰਬੋਜ, ਸਤਨਾਮ ਸਿੰਘ ਮਾਨਸਾ, ਗੁਰਪ੍ਰੀਤ ਮੌੜ ਅਤੇ ਰਾਜੇਸ਼ ਮੋੜ ਨੇ ਕਿਹਾ ਕਿ ਕੱਲ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਸਬੰਧੀ ਤਜ਼ਵੀਜ ਬਣਾਉਣ ਦਾ ਜੁਬਾਨੀ ਭਰੋਸਾ ਦਿੱਤਾ ਹੈ। ਲਿਖਤੀ ਰੂਪ ਵਿੱਚ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ। ਜੇਕਰ ਸਰਕਾਰ ਨੇ ਮੁਲਾਜ਼ਮਾਂ ਨਾਲ ਕੋਈ ਵਾਅਦਾ ਖ਼ਿਲਾਫ਼ੀ ਕੀਤੀ, ਤਾਂ ਜਾਮ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਸਮੁੱਚੇ ਪੰਜਾਬ ਵਿੱਚ 36 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫਲੈਕਸ਼ ਤਾਂ ਲਗਾ ਦਿੱਤੇ ਹਨ, ਪਰ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।