ਪੱਤਰ ਪ੍ਰੇਰਕ
ਜ਼ੀਰਾ, 8 ਸਤੰਬਰ
ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਸ਼ਰਾਬ ਫੈਕਟਰੀ ਵਿਰੁੱਧ ਚੱਲ ਰਹੇ ਧਰਨੇ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਵੱਡੀ ਗਿਣਤੀ ਵਿੱਚ ਆਪਣੇ ਸਮਰਥਕਾਂ ਨਾਲ ਧਰਨੇ ਵਿੱਚ ਸ਼ਾਮਲ ਹੋਏ।
ਇਸ ਮੌਕੇ ਸ੍ਰੀ ਖੋਸਾ ਨੇ ਕਿਹਾ ਕਿ ਇਸ ਇਲਾਕੇ ਦੀ ਬਦਕਿਸਮਤੀ ਹੈ ਕਿ ਇਸ ਸ਼ਰਾਬ ਫੈਕਟਰੀ ਕਾਰਨ ਪਿੰਡਾਂ ਵਿੱਚ ਛੋਟੇ-ਛੋਟੇ ਬੱਚੇ ਵੀ ਕੈਂਸਰ, ਲੀਵਰ ਤੇ ਪੀਲੀਏ ਤੋਂ ਪੀੜਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਚਿੰਤਾ ਵਾਲੀ ਗੱਲ ਹੈ ਕਿ ਸਾਡੇ ਬਜ਼ੁਰਗ, ਨੌਜਵਾਨ ਤੇ ਬਜ਼ੁਰਗ ਔਰਤਾਂ ਗਰਮੀ ਵਿੱਚ ਪਿਛਲੇ 48 ਦਿਨ ਤੋਂ ਦਿਨ ਰਾਤ ਦੇ ਧਰਨੇ ਵਿੱਚ ਬੈਠੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਵੱਡੇ ਅਧਿਕਾਰੀ ਵੱਲੋਂ ਅੱਜ ਤੱਕ ਧਰਨਾਕਾਰੀਆਂ ਕੋਲ ਪਹੁੰਚਣ ਦੀ ਖੇਚਲ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੌਣ ਪਾਣੀ ਨੂੰ ਦੂਸ਼ਿਤ ਕਰਨ ਵਾਲੀ ਇਹ ਸ਼ਰਾਬ ਫੈਕਟਰੀ ਬੰਦ ਨਹੀਂ ਕੀਤੀ ਜਾਂਦੀ ਉਨਾ ਚਿਰ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ।
ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਨੇ ਐੱਸਵਾਈਐੱਲ ਦੇ ਮੁੱਦੇ ’ਤੇ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਦਿਆਂ ਕਿਹਾ ਕਿ ਪੰਜਾਬ ਦੇ ਲੋਕ ਇੱਕ ਬੂੰਦ ਵੀ ਪਾਣੀ ਦੀ ਹਰਿਆਣਾ ਨੂੰ ਨਹੀਂ ਦੇਣਗੇ ਕਿਉਂਕਿ ਪੰਜਾਬ ਦੇ ਕਈ ਜ਼ਿਲ੍ਹੇ ਪਾਣੀ ਪੀਣ ਤੋਂ ਵੀ ਔਖੇ ਹੋਏ ਪਏ ਹਨ।