ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਦਾ ਗਿਆਨ ਹੋਣਾ ਜ਼ਰੂਰੀ: ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ’ਤੇ ਸਥਾਨਕ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਵਿਚ ਪਹੁੰਚੇ। ਵਿਦਿਆਰਥੀਆਂ ਨੇ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਸਕੂਲ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਸੰਧਵਾਂ ਨੂੰ ਜੀ ਆਇਆਂ ਕਹਿਣ ਉਪਰੰਤ ਦੱਸਿਆ ਕਿ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੇ ਕੁਝ ਸਮਾਂ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਸੀ ਅਤੇ ਉਸ ਸਮੇਂ ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨਾਲ ਆਕਸਫੋਰਡ ਸਕੂਲ ਵਿੱਚ ਵਿਸ਼ੇਸ਼ ਤੌਰ 'ਤੇ ਆਉਣ ਦਾ ਵਾਅਦਾ ਕੀਤਾ ਸੀ। ਸਪੀਕਰ ਸੰਧਵਾਂ ਨੇ ਕਿਹਾ ਕਿ ਬੱਚਿਆਂ ਨੂੰ ਸਕੂਲੀ ਪੜ੍ਹਾਈ ਹੀ ਜ਼ਰੂਰੀ ਨਹੀਂ, ਇਸ ਦੇ ਨਾਲ ਨੈਤਿਕ ਕਦਰਾਂ-ਕੀਮਤਾਂ ਦਾ ਗਿਆਨ ਹੋਣਾ ਵੀ ਬਹੁਤ ਜ਼ਰੂਰੀ ਹੈ, ਜੋ ਵਿਦਿਆਰਥੀਆਂ ਨੂੰ ਇੱਕ ਚੰਗਾ ਨਾਗਰਿਕ ਬਣਨ ਵਿੱਚ ਸਹਾਈ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਦਾ ਇਹ ਦਿਲੀ ਇੱਛਾ ਸੀ ਕਿ ਇਸ ਸੰਸਥਾ ਵਿੱਚ ਜ਼ਰੂਰ ਜਾਇਆ ਜਾਵੇ, ਜੋ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਸਕੂਲ ਦੀਆਂ ਪੜ੍ਹਾਈ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਪ੍ਰਾਪਤੀਆਂ, ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਵਿਦਿਅਕ ਸਹੂਲਤਾਂ ਦੀ ਤਾਰੀਫ਼ ਕੀਤੀ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ, ਵਿੱਤ ਸਕੱਤਰ ਗੁਰਮੀਤ ਸਿੰਘ ਸਰਪੰਚ ਤੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਤੇ ਬੱਚੇ ਹਾਜ਼ਰ ਸਨ।
