ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 16 ਅਪਰੈਲ
ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਹਲਕੇ ਤੋਂ ਮੁਕਤਸਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਹੈ। ਇਸ ਹਲਕੇ ਤੋਂ ਅਜੇ ਤੱਕ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ| ਹਾਲਾਂਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਹਲਕੇ ਤੋਂ ਲੋਕ ਸਭਾ ਮੈਂਬਰ ਹਨ ਪਰ ਇਸ ਵਾਰ ਉਨ੍ਹਾਂ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ| ਟਿਕਟ ਦਾ ਐਲਾਨ ਹੋਣ ਮਗਰੋਂ ਵਿਧਾਇਕ ਸਮਰਥਕਾਂ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਾਕਾ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਲੋਕ ਸਭਾ ਚੋਣ ਲੜਨ ਦਾ ਹੁਕਮ ਕੀਤਾ ਹੈ ਜੋ ਉਹ ਸਿਰ ਮੱਥੇ ਪ੍ਰਵਾਨ ਕਰਦੇ ਹਨ| ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪ੍ਰਚਾਰ ਮੁਹਿੰਮ ਸ਼ੁਰੂ ਕਰਨਗੇ। ਇਸ ਲਈ ਲੋਕ ਸਭਾ ਹਲਕੇ ਵਿੱਚ ਪੈਂਦੇ 9 ਹਲਕਿਆਂ ਦੇ ਵਿਧਾਇਕਾਂ ਨਾਲ ਬੈਠਕ ਕਰਕੇ ਰੂਪ-ਰੇਖਾ ਉਲੀਕੀ ਜਾਵੇਗੀ|