ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮੁੱਖ ਮੰਤਰੀ ਮੁਆਫ਼ੀ ਮੰਗਣ: ਰੁਲਦੂ ਸਿੰਘ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਰੋਹ ਅੱਗੇ ਝੁਕ ਕੇ ਮਜਬੂਰ ਹੁੰਦਿਆਂ ਹੋਇਆ ਇਸ ਨੀਤੀ ਨੂੰ ਵਾਪਸ ਲਿਆ ਹੈ ਪਰ ਉਨ੍ਹਾਂ ਨੇ ਇਸ ਨੀਤੀ ਨੂੰ ਲਿਆਕੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨਾਲ ਸੰਘਰਸ਼ ਲਈ ਕਰੋੜਾਂ ਰੁਪਏ ਅਤੇ ਸਮੇਂ ਦੀ ਜੋ ਬਰਬਾਦੀ ਕੀਤੀ ਹੈ, ਅਜਿਹੀ ਉਦਾਹਰਣ ਇਸ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈ ਕੇ ਦਿੱਤੀ ਸੀ ਅਤੇ ਹੁਣ ਉਸ ਫੈਸਲੇ ਉਤੇ ਹੀ ਭਗਵੰਤ ਮਾਨ ਨੇ ਮੋਹਰ ਲਾਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ 65 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਨੇ ਪੂਰੇ ਪੰਜਾਬ ਵਿੱਚ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਟਰੈਕਟਰ ਮਾਰਚ, ਮੋਟਰਸਾਈਕਲ ਮਾਰਚ ਨਾਲ-ਨਾਲ ਅਨੇਕਾਂ ਥਾਵਾਂ ’ਤੇ ਧਰਨੇ-ਮੁਜ਼ਾਹਰੇ ਕਰਦਿਆਂ ਵੱਡੀਆਂ ਰੋਸ ਰੈਲੀਆਂ ਕੀਤੀਆਂ ਹਨ, ਜਦੋਂ ਕਿ ਅਨੇਕਾਂ ਵਕੀਲਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਇਸ ਨੀਤੀ ਉਤੇ ਸਟੇਅ ਪ੍ਰਾਪਤ ਕੀਤੀ ਹੈ। ਕਿਸਾਨ ਆਗੂ ਨੇ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਆਫ਼ੀ ਮੰਗੀ ਸੀ, ਉਸੇ ਤਰਜ਼ ’ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕਿਸਾਨਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।